ਅੰਮ੍ਰਿਤਸਰ, (ਸਮਾਜਵੀਕਲੀ) : ਪਾਕਿਸਤਾਨ ਵਿੱਚ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਸ਼ੋਕ ਕੀਤੀ ਗਈ, ਜਿਸ ਵਿਚ ਅਕਾਲ ਚਲਾਣਾ ਕਰ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਗਈ।
ਇਸ ਸਬੰਧ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕੱਠੇ ਹੋਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੇ ਮੂਲ ਮੰਤਰ ਅਤੇ ਗੁਰੂ ਮੰਤਰ ਦਾ ਜਾਪ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਖਿਆ ਕਿ ਪਾਕਿਸਤਾਨ ਵਿਚ ਵਾਪਰੇ ਰੇਲ ਹਾਦਸੇ ਵਿਚ ਵੱਡੀ ਗਿਣਤੀ ਵਿਚ ਸਿੱਖਾਂ ਦੀ ਮੌਤ ਬਹੁਤ ਦੁਖਦਾਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ ਅਤੇ ਜਲਦੀ ਹੀ ਮ੍ਰਿਤਕਾਂ ਨਮਿਤ ਅਖੰਡ ਪਾਠ ਕਰਵਾਇਆ ਜਾਵੇਗਾ। ਮੁਖ ਸਕੱਤਰ ਡਾ. ਰੂਪ ਸਿੰਘ ਨੇ ਵੀ ਇਸ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਹੋਰਨਾਂ ਨੇ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।