ਇਸਲਾਮਾਬਾਦ (ਸਮਾਜ ਵੀਕਲੀ) : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੀਪੀਪੀ ਵੱਲੋਂ ਐਤਵਾਰ ਨੂੰ,ਕੀਤੇ ਟਵੀਟ ’ਚ ਦੱਸਿਆ ਗਿਆ, ‘ਡਾਕਟਰਾਂ ਵੱਲੋਂ ਉਨ੍ਹਾਂ ਦੀ ਮੈਡੀਕਲ ਜਾਂਚ ਅਤੇ ਜ਼ਰੂਰੀ ਟੈਸਟ ਕੀਤੇ ਜਾ ਰਹੇ ਹਨ।’
ਟਵੀਟ ’ਚ ਤਫ਼ਸੀਲ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਟਵੀਟ ਮੁਤਾਬਕ ਆਸਿਫ਼ ਅਲੀ ਜ਼ਰਦਾਰੀ ਵੱਲੋਂ ਠੀਕ ਮਹਿਸੂਸ ਨਾ ਕੀਤੇ ਜਾਣ ਕਾਰਨ ਐਤਵਾਰ ਦੇਰ ਸ਼ਾਮ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਅਨ ਨਿਊਜ਼ ’ਚ ਐਤਵਾਰ ਨੂੰ ਛਪੀ ਰਿਪੋਰਟ ਮੁਤਾਬਕ ਸਾਬਕਾ ਰਾਸ਼ਟਰਪਤੀ ਦੇ ਲੰਬੇ ਸਮੇਂ ਤੋਂ ਸਹਿਯੋਗੀ ਡਾ. ਅਸੀਮ ਹੁਸੈਨ ਨੇ ਇੱਕ ਪ੍ਰਾਈਵੇਟ ਨਿਊਜ਼ ਚੈਨਲ ਨੂੰ ਦੱਸਿਆ ਕਿ ਜ਼ਰਦਾਰੀ ਨੂੰ ਸ਼ੂਗਰ ਘਟਣ ਕਾਰਨ ਹਸਪਤਾਲ ਲਿਆਂਦਾ ਗਿਆ। ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਉਹ ਐਮਰਜੈਂਸੀ ਵਾਰਡ ’ਚ ਦਾਖ਼ਲ ਹਨ ਪਰ ਹਸਪਤਾਲ ਦਾ ਨਾਂ ਨਹੀਂ ਦੱਸਿਆ ਗਿਆ।