ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੇ ਮੁੱਦੇ ’ਤੇ ਵਿਚਾਰ ਕਰਨ ਲਈ 21 ਜੂਨ ਨੂੰ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਤੋਂ ਪਹਿਲਾਂ 20 ਜੂਨ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਤੋਂ ਰੋਕਣ ਲਈ ਪਿਛਲੇ ਸਾਲ ਇਕ ਵਫ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਜ਼ਰਾਈਲ ਗਿਆ ਸੀ ਤੇ ਉਸ ਗਰੁੱਪ ਨੇ ਵੀ ਇਸ ਦਿਸ਼ਾ ’ਚ ਕੰਮ ਕੀਤਾ ਹੈ। ਇਸ ਦੀ ਰਿਪੋਰਟ ਪੰਜਾਬ ਵਜ਼ਾਰਤ ਦੀ ਮੀਟਿੰਗ ਵਿਚ ਪੇਸ਼ ਕੀਤੀ ਗਈ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ ਜੇ ਗੰਭੀਰ ਕਦਮ ਨਾ ਚੁੱਕੇ ਗਏ ਤਾਂ ਅਗਲੇ ਕੁੱਝ ਸਾਲਾਂ ਵਿਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਰਿਪੋਰਟ ਵਿਚ ਨਵੇਂ ਟਿਊਬਵੈੱਲ ਲਾਉਣ ’ਤੇ ਰੋਕ ਲਾਉਣ ਜਾਂ ਇਸ ਸਬੰਧੀ ਕਾਨੂੰਨ ਬਣਾਉਣ ਬਾਰੇ ਕਿਹਾ ਗਿਆ ਸੀ। ਉਸ ਵਿਚ ਕਿਹਾ ਗਿਆ ਸੀ ਕਿ ਵਾਟਰ ਰੀਚਾਰਜ ਲਈ ਕਦਮ ਚੁੱਕ ਕੇ ਅਤੇ ਨਵੀਂ ਤਕਨੀਕ ਨਾਲ ਜੰਗਲ ਲਾ ਕੇ ਵੀ ਇਸ ਮਸਲੇ ਨੂੰ ਕਿਸੇ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਵੱਲੋਂ ਸੱਦੀ ਗਈ ਇਸ ਮੀਟਿੰਗ ਵਿਚ ਕੁਝ ਅਹਿਮ ਕਦਮ ਚੁੱਕੇ ਜਾਣ ਦੀ ਆਸ ਹੈ।
ਇਸ ਦੇ ਨਾਲ ਹੀ ਭਲਕੇ 20 ਜੂਨ ਨੂੰ ਕੀਤੀ ਜਾ ਰਹੀ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਡੇਰਾ ਬਾਬਾ ਨਾਨਕ ਹਲਕੇ ਤੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਵਿਕਾਸ ਕੰਮਾਂ ਦੀ ਰਫ਼ਤਾਰ ਬਹੁਤ ਮੱਠੀ ਹੈ, ਇਨ੍ਹਾਂ ਨੂੰ ਗੁਰਪੁਰਬ ਤੋਂ ਪਹਿਲਾਂ ਮੁਕੰਮਲ ਕਰਨਾ ਮੁਸ਼ਕਿਲ ਜਾਪਦਾ ਹੈ। ਦੂਜੇ ਪਾਸੇ ਪਾਕਿਸਤਾਨ ਸਰਕਾਰ ਲਾਂਘੇ ਦੇ ਕੰਮ ਨੂੰ ਮੁਕੰਮਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
INDIA ਪਾਣੀ ਦੇ ਡਿੱਗਦੇ ਪੱਧਰ ਸਬੰਧੀ ਉੱਚ ਪੱਧਰੀ ਮੀਟਿੰਗ ਭਲਕੇ