ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਵੱਲੋਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨੂੰ ਪੰਜਾਬ ਲਈ ਖ਼ਤਰਨਾਕ ਕਰਾਰ ਦਿੱਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਅਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ ਤੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐੱਸਵਾਈਐੱਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਗਡਕਰੀ ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਨਹੀਂ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ। ਸੁਖਪਾਲ ਸਿੰਘ ਖਹਿਰਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਸ਼ਮੂਲੀਅਤ ਹੋਣ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਸੀ.ਐਮ. ਸੁਖਬੀਰ ਬਾਦਲ ਅਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਦੀ ਵੀ ਮੰਗ ਕੀਤੀ।
INDIA ਪਾਣੀ ਬੰਦੀ ਬਾਰੇ ਗਡਕਰੀ ਦਾ ਬਿਆਨ ਪੰਜਾਬ ਵਿਰੋਧੀ: ਖਹਿਰਾ