ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਇਕ ਰੈਲੀ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਪ੍ਰਚਾਰ (ਇਸ਼ਤਿਹਾਰਬਾਜ਼ੀ) ਮੰਤਰੀ ਦਾ ਦਫ਼ਤਰ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਮੋਦੀ ਦਫ਼ਤਰ ਨੂੰ ਆਪਣੀ ਮਸ਼ਹੂਰੀ ਲਈ ਵਰਤ ਰਹੇ ਹਨ। ਰਾਹੁਲ ਨੇ ਬੇਰੁਜ਼ਗਾਰੀ ਤੇ ਨੋਟਬੰਦੀ ਦੇ ਮੁੱਦੇ ’ਤੇ ਵੀ ਪ੍ਰਧਾਨ ਮੰਤਰੀ ਨੂੰ ਲੰਮੇ ਹੱਥੀਂ ਲਿਆ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੋਚ ਕੇ ਹੈਰਾਨੀ ਹੁੰਦੀ ਹੈ ਕਿ ਕੀ ਵਾਕਈ ਕਦੇ ਪ੍ਰਧਾਨ ਮੰਤਰੀ ਯੂਨੀਵਰਸਿਟੀ ਵਿਚ ਪੜ੍ਹੇ ਹਨ। ਪ੍ਰਧਾਨ ਮੰਤਰੀ ਦੀ ਡਿਗਰੀ ਬਾਰੇ ਤਾਂ ਕਿਸੇ ਨੂੰ ਪਤਾ ਨਹੀਂ, ਪਰ ਉਨ੍ਹਾਂ ਦੀ ਨਜ਼ਰਸਾਨੀ ਹੇਠ ਵਿਦਿਅਕ ਸੰਸਥਾਵਾਂ ਦਾ ਭਗਵਾਂਕਰਨ ਜ਼ਰੂਰ ਹੋ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਨਾਗਰਿਕਤਾ (ਸੋਧ) ਬਿੱਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਉੱਤਰ ਪੂਰਬ ਦੇ ਸਭਿਆਚਾਰ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਰਾਹੁਲ ਨੇ ਕਿਹਾ ਕਿ ਜਦ ਨਰਿੰਦਰ ਮੋਦੀ ਨੇ ਅਹੁਦਾ ਸੰਭਾਲਿਆ ਸੀ ਤਾਂ ਹਰ ਵਰ੍ਹੇ ਦੋ ਕਰੋੜ ਨੌਕਰੀਆਂ ਪੈਦਾ ਕਰਨ ਦੇ ਵੱਡੇ ਦਾਅਵੇ ਕੀਤੇ ਸਨ, ਪਰ ਸਿਰਫ਼ 2018 ਵਿਚ ਹੀ ਇਕ ਕਰੋੜ ਨੌਕਰੀਆਂ ਖ਼ਤਮ ਹੋ ਗਈਆਂ ਹਨ। ਇਸ ਦਾ ਮਤਲਬ ਹੈ ਕਿ ਇਕ ਦਿਨ ਵਿਚ 30,000 ਨੌਕਰੀਆਂ ਖੁੱਸ ਰਹੀਆਂ ਹਨ। ਰਾਹੁਲ ਨੇ ਨੋਟਬੰਦੀ ਨੂੰ ‘ਹਾਸੋਹੀਣਾ’ ਫ਼ੈਸਲਾ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਲਮ ਵੀ ਨਹੀਂ ਤੇ ਲੋਕਾਂ ਨੂੰ ਬੇਹੱਦ ਤਕਲੀਫ਼ ਵਿਚੋਂ ਲੰਘਣਾ ਪਿਆ। ਕਾਂਗਰਸ ਦੇ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਤੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਵੀ ਬੇਰੁਜ਼ਗਾਰੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਦੀ ਨਿਖੇਧੀ ਕੀਤੀ। ਉਨ੍ਹਾਂ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਜਪਾ ਖ਼ਿਲਾਫ਼ ‘ਵਿਚਾਰਧਾਰਕ ਜੰਗ’ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ‘ਨਫ਼ਰਤ ਤੇ ਵੰਡੀਆਂ ਪਾਉਣ’ ਦੀ ਸਿਆਸਤ ਕਰ ਰਹੀ ਹੈ।
HOME ਪਿਛਲੇ ਸਾਲ ਇਕ ਕਰੋੜ ਨੌਕਰੀਆਂ ਖ਼ਤਮ ਹੋਈਆਂ: ਰਾਹੁਲ