ਹੜ੍ਹ ਪ੍ਰਭਾਵਿਤ ਕੁਝ ਪਿੰਡਾਂ ਵਿੱਚ ਜਿਵੇਂ ਹੀ ਪਾਣੀ ਘਟਣਾ ਸ਼ੁਰੂ ਹੋਇਆ ਤਾਂ ਉਸ ਸਮੇਂ ਹੀ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਵਿਚ ਖਾਣਾ, ਪਾਣੀ, ਦਵਾਈਆਂ ਅਤੇ ਪਸ਼ੂਆਂ ਲਈ ਹਰਾ ਚਾਰਾ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਰਾਹੀਂ ਮੁਹੱਈਆ ਕਰਵਾਉਣ ਦਾ ਫੈਸਲਾ ਲੈ ਲਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਹੁਤੇ ਪਿੰਡਾਂ ਵਿੱਚ ਪਾਣੀ ਘੱਟ ਗਿਆ ਹੈ ਜਿਸ ਕਰ ਕੇ ਕਿਸ਼ਤੀਆਂ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਰਾਹੀਂ ਰਾਹਤ ਸਮੱਗਰੀ ਪਹੁੰਚਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਖ਼ੁਰਾਕ ਤੇ ਸਿਵਲ ਸਪਲਾਈ, ਸਿਹਤ, ਪਸ਼ੂ ਪਾਲਣ ਅਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਨੂੰ ਸੜਕੀ ਰਸਤੇ ਰਾਹੀਂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਦਵਾਈਆਂ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵਾਹਨਾਂ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਅਜੇ ਵੀ ਪਾਣੀ ਦਾ ਪੱਧਰ ਉੱਚਾ ਹੈ ਉਨ੍ਹਾਂ ਵਿਚ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ.ਦੀਆਂ ਟੀਮਾਂ ਵੱਲੋਂ ਕਿਸ਼ਤੀਆਂ ਰਾਹੀਂ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ। ਇਨ੍ਹਾਂ ਕਿਸ਼ਤੀਆਂ ਵਲੋਂ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਲਾਵਾ ਲੋਕਾਂ ਨੂੰ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
INDIA ਪਿੰਡਾਂ ’ਚ ਪਾਣੀ ਘਟਿਆ; ਹੁਣ ਗੱਡੀਆਂ ਰਾਹੀਂ ਪੁੱਜੇਗੀ ਰਾਹਤ