ਮੁੱਖ ਮੰਤਰੀ 30 ਨੂੰ ਕਰਨਗੇ ਗੁਰਪੁਰਬ ਸਮਾਗਮਾਂ ਵਿਚ ਸ਼ਿਰਕਤ
6 ਵੱਖ–ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ– ਚੀਮਾ
‘ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ 551ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਨਵੰਬਰ ਨੂੰ ਗੁਰਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਅੱਜ ਇੱਥੇ ਗੁਰਪੁਰਬ ਦੀਆਂ ਤਿਆਰੀਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਤੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਪੁਰਬ ਮੌਕੇ 6 ਵੱਖ- ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਜਾਣਗੇ, ਜਿਸ ਵਿਚ ਮੁੱਖ ਤੌਰ ’ਤੇ ਮਿੰਨੀ ਪ੍ਰਸ਼ਾਸ਼ਕੀ ਕੰਪਲੈਕਸ, ਸਮਾਰਟ ਸਕੂਲ, ਸਮਾਰਟ ਆਂਗਣਵਾੜੀ, ਸੀਵਰੇਜ਼ ਟ੍ਰੀਟਮੈਂਟ ਪਲਾਂਟ, ਕਿਲ੍ਹਾ ਸਰਾਏ ਦੇ ਨਵੀਨੀਕਰਨ ਦਾ ਕੰਮ ਸ਼ਾਮਿਲ ਹੈ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਮਾਗਮ ਵਿਚ ਵੀ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਮਾਪਤੀ ਸਮਾਰੋਹਾਂ ਨੂੰ ਵੀ ਯਾਦਗਾਰੀ ਤਰੀਕੇ ਨਾਲ ਮਨਾਉਣ ਦੇ ਹੁਕਮ ਦਿੱਤੇ ਗਏ ਹਨ, ਜਿਸ ਤਹਿਤ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
‘ਪਿੰਡ ਬਾਬੇ ਨਾਨਕ ਦਾ’ ਪ੍ਰਾਜੈਕਟ ਬਾਰੇ ਇਕ ਸਵਾਲ ਦੇ ਉੱਤਰ ਵਿਚ ਸ. ਡਿੰਪਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਉੱਪਰ ਇਸ ਪ੍ਰਾਜੈਕਟ ਨੂੰ ਜਲਦ ਸ਼ੁਰੂ ਕਰਨ ਵਾਸਤੇ ਦਬਾਅ ਬਣਾਉਣਗੇ।
ਉਨ੍ਹਾਂ ਯੂਰੀਆ ਖਾਦ ਦੀ ਕਮੀ ਬਾਰੇ ਕਿਹਾ ਕਿ ਰੇਲਵੇ ਵਿਭਾਗ ਦੇ ਅੜੀਅਲ ਰਵੱਈਏ ਕਾਰਨ ਖਾਦ ਦੀ ਸਪਲਾਈ ਨਾ ਹੋਣ ਕਰਕੇ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।