ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਕੁਝ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਖ਼ੁਦ ਉਨ੍ਹਾਂ ਦੇ ਘਰਾਂ ’ਚ ਜਾ ਕੇ ਮਨਾਉਣ ਲੱਗੇ ਹਨ। ਬਰਨਾਲਾ ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਖਿੱਲਰਨ ਤੋਂ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਜ਼ਿਲ੍ਹੇ ਦੇ ਆਗੂਆਂ ਨੂੰ ਮਿਲਣ ਲਈ ਚੱਕਰ ਲਾਏ ਜਾ ਰਹੇ ਹਨ। ਅੱਜ ਵੀ ਸੁਖਬੀਰ ਸਿੰਘ ਬਾਦਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ, ਮੌਜੂਦਾ ਕੌਂਸਲਰ ਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਪਾਰਟੀ ਛੱਡ ਕੇ ਗਏ ਅਕਾਲੀ ਦਲ ਦੇ ਕੌਂਸਲਰ ਧਰਮ ਸਿੰਘ ਫ਼ੌਜੀ ਵੀ ਮੁੜ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਸ੍ਰੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਮਜੀਤ ਸਿੰਘ ਢਿੱਲੋਂ ਦਾ ਪਰਿਵਾਰ ਟਕਸਾਲੀ ਅਕਾਲੀ ਹੈ ਅਤੇ ਅੱਜ ਉਹ ਉਨ੍ਹਾਂ ਦੇ ਘਰ ਚਾਹ ਪੀਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ ਹੈ। ਢੀਂਡਸਾ ਪਰਿਵਾਰ ਨੂੰ ਵੀ ਮੁੜ ਪਾਰਟੀ ’ਚ ਸ਼ਾਮਲ ਕਰਨ ਦੀ ਕੋਸ਼ਿਸ਼ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪਾਰਟੀ ਦੀ ਪਿੱਠ ’ਚ ਛੁਰਾ ਮਾਰਿਆ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਪਾਰਟੀ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਬਰਨਾਲਾ ਜ਼ਿਲ੍ਹੇ ’ਚ ਵੱਡੀ ਪੱਧਰ ’ਤੇ ਬਗ਼ਾਵਤ ਹੋਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਫ਼ਵਾਹਾਂ ਹਨ। ਜਿਹੜੇ ਆਗੂ ਤੇ ਵਰਕਰ ਕਿਸੇ ਬਹਿਕਾਵੇ ’ਚ ਆ ਕੇ ਚਲੇ ਗਏ ਹਨ, ਉਹ ਜਲਦ ਪਾਰਟੀ ’ਚ ਵਾਪਸ ਆ ਜਾਣਗੇ। ਇਸ ਮੌਕੇ ਸਤਨਾਮ ਸਿੰਘ ਰਾਹੀ, ਗੁਰਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
INDIA ਪਿੱਠ ’ਚ ਛੁਰਾ ਮਾਰਨ ਵਾਲਿਆਂ ਨੂੰ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ: ਸੁਖਬੀਰ