ਪੀਐੱਮਓ ਵੱਲੋਂ ਮੋਦੀ ਦੀਆਂ ਟਿੱਪਣੀਆਂ ਬਾਰੇ ਸਪਸ਼ਟੀਕਰਨ

ਨਵੀਂ ਦਿੱਲੀ (ਸਮਾਜਵੀਕਲੀ) :  ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ’ਤੇ ਹੋਈ ਹਿੰਸਕ ਟਕਰਾਅ ਬਾਰੇ ਭਾਰਤ ਤੇ ਚੀਨ ਵਿਚਾਲੇ ਤਣਾਅ ਦੇ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਫ਼ ਕਰ ਦਿੱਤਾ ਹੈ ਕਿ ਐੱਲਏਸੀ ’ਤੇ ਕਿਸੇ ਵੀ ਕੀਮਤ ’ਤੇ ਇਕਪਾਸੜ ਬਦਲਾਅ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੇਸ਼ ਦੀ ਖੁ਼ਦਮੁਖਤਿਆਰੀ ਤੇ ਅਖੰਡਤਾ ਲਈ ਭਾਰਤੀ ਸੈਨਾ ਹਰ ਸੰਭਵ ਕਦਮ ਚੁੱਕੇਗੀ।

ਪੀਐੱਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਵਾਦ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ‘ਸ਼ਰਾਰਤ ਦੇ ਇਰਾਦੇ ਨਾਲ ਜਾਣਬੁਝ ਕੇ ਗ਼ਲਤ ਅਰਥ’ ਕੱਢਿਆ ਜਾ ਰਿਹੈ। ਪੀਐੱਮਓ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਹੋਈ ਚਰਚਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਦਾ ਕੇਂਦਰ 15 ਜੂਨ ਨੂੰ ਗਲਵਾਨ ਵਾਦੀ ’ਚ ਹੋਈਆਂ ਘਟਨਾਵਾਂ ਉੱਤੇ ਸੀ, ਜਿਸ ਵਿੱਚ 20 ਭਾਰਤੀ ਫੌਜੀ ਸ਼ਹੀਦ ਹੋ ਗਏ ਸਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਸ੍ਰੀ ਮੋਦੀ ਦੀ ਇਹ ਟਿੱਪਣੀ ਕਿ ਅਸਲ ਕੰਟਰੋਲ ਰੇਖਾ ’ਤੇ ਭਾਰਤ ਵਾਲੇ ਪਾਸੇ ਚੀਨ ਦੀ ਕੋਈ ਮੌਜੂਦਗੀ ਨਹੀਂ ਹੈ, ਸਾਡੇ ਹਥਿਆਰਬੰਦ ਬਲਾਂ ਦੀ ਬਹਾਦਰੀ ਕਰਕੇ ਬਣੀ ਸਥਿਤੀ ਨਾਲ ਸਬੰਧਤ ਸੀ। ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਰਬ ਪਾਰਟੀ ਮੀਟਿੰਗ ਦੌਰਾਨ ਭਾਰਤੀ ਸਰਹੱਦ ’ਤੇ ਕੋਈ ਘੁਸਪੈਠ ਨਾ ਹੋਣ ਦਾ ਦਾਅਵਾ ਕੀਤਾ ਸੀ। ਸ੍ਰੀ ਮੋਦੀ ਨੇ ਕਿਹਾ ਸੀ ਕੋਈ ਵੀ ਭਾਰਤੀ ਚੌਕੀ ਚੀਨ ਦੇ ਕਬਜ਼ੇ ਹੇਠ ਨਹੀਂ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਸ੍ਰੀ ਮੋਦੀ ਨੂੰ ਤਿੱਖੇ ਸਵਾਲ ਕੀਤੇ ਹਨ।

Previous articleਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ
Next articleਪ੍ਰਧਾਨ ਮੰਤਰੀ ਨੇ ਭਾਰਤੀ ਖੇਤਰ ਚੀਨ ਦੀ ਝੋਲੀ ਪਾਇਆ: ਰਾਹੁਲ