ਪੀਐੱਮ ਮੋਦੀ ਕਰਨਗੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਪ੍ਰਧਾਨਗੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਦੀ ਪ੍ਰਧਾਨਗੀ ਕੀਤੀ ਜਾਵੇਗੀ ਜਦਕਿ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 11 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ 550ਵੀਂ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਨਵੰਬਰ ਤੋਂ 12 ਨਵੰਬਰ ਤਕ ਸਮਾਗਮ ਕਰਵਾਏ ਜਾਣਗੇ।
ਇਨ੍ਹਾਂ ਸਮਾਗਮਾਂ ਦੌਰਾਨ ਪੱਛਮੀ ਬੰਗਾਲ ਦੀ ਸੰਗਤ ਨੂੰ ਸੁਲਤਾਨਪੁਰ ਲੋਧੀ ਵਿਖੇ ਆਉਣ ਦਾ ਸੱਦਾ ਦਿੰਦਿਆਂ ਸੁਖਬੀਰ ਨੇ ਉਨ੍ਹਾਂ ਨੂੰ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ ਅਤੇ ਸ਼ਰਧਾਲੂ ਇਸ ਲਾਂਘੇ ਰਾਹੀਂ ਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਸੁਖਬੀਰ ਨੇ ਸੰਗਤ ਨੂੰ ਗੁਰੂ ਸਾਹਿਬ ਦੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸੁਨੇਹੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਇਨ੍ਹਾਂ ਸਿੱਖਿਆਵਾਂ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਆਖਣ। ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਕਾਮਯਾਬ ਬਣਾਉਣ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ।

Previous articleIndia’s GDP is actually 0%, or in negative: Congress
Next articleਚੀਨ ਨੇ ਅਮਰੀਕੀ ਸਿੱਖਿਆ ਮਾਹਿਰ ਵਾਪਸ ਭੇਜਿਆ