*ਮਾਮਲਾ:- ਲੜਕੀਆਂ ਦੀ ਨਹਾਉਂਦੇ ਹੋਇਆ ਦੀ ਵੀਡੀਓ ਬਣਾ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦਾ*
*ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦਾ ਪ੍ਰਸ਼ਾਸਨ ਮਾਮਲਾ ਦਬਾਉਣ ਦੀ ਕੋਸ਼ਿਸ਼ ਕਰ ਰਿਹਾ:- ਦੀਦਾਵਰ*
ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੜ੍ਹਦੀਆਂ ਲੜਕੀਆਂ ਦੀ ਨਹਾਉਂਦੇ ਹੋਇਆ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲੇ ਦੋਸ਼ੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ , ਮੋਹਾਲੀ ਪੁਲਿਸ ਅਤੇ ਪੰਜਾਬ ਸਰਕਾਰ ਦੁਆਰਾ ਬਚਾਉਣ ਦੀ ਕੋਸ਼ਿਸ਼ ਕਰਨ ਦੀ ਪੰਜਾਬ ਸਟੂਡੈਂਟਸ ਯੂਨੀਅਨ ਸਖ਼ਤ ਸ਼ਬਦਾਂ ਚ ਨਿਖੇਧੀ ਕਰਦੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ।ਇਸ ਖਿਲਾਫ਼ ਯੂਨੀਅਨ ਕੱਲ 19 ਸਤੰਬਰ ਨੂੰ ਪੰਜਾਬ ਭਰ ਦੀਆਂ ਵਿਦਿਅਕ ਸੰਸਥਾਵਾਂ ਚ ਰੋਸ ਮੁਜ਼ਾਹਰੇ ਦਾ ਸੱਦਾ ਦਿਤਾ ਹੈ।
ਇਸ ਮੌਕੇ ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਪ੍ਰਸ਼ਾਸਨ ਵਲੋਂ ਇਸ ਮਾਮਲੇ ਨੂੰ ਦਬਾਉਣ ਅਤੇ ਵਿਦਿਆਰਥੀਆਂ ਦੀ ਆਵਾਜ਼ ਕੁਚਲਣ ਲਈ ਹੋਸਟਲਾਂ ਨੂੰ ਤਾਲੇ ਲਗਾਏ ਜਾ ਰਹੇ ਹਨ ਅਤੇ ਵਿਦਿਆਰਥੀ ਇਸ ਸੰਘਰਸ ਚ ਸ਼ਾਮਲ ਨਾ ਹੋ ਸਕਣ ਅਚਾਨਕ ਪਿਕਨਿਕ ਟੂਰ ਤੇ ਭੇਜਿਆ ਜਾ ਰਿਹਾ ਹੈ ਤੇ ਯੂਨੀਵਰਸਿਟੀ ਕੈਂਪਸ ਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ।ਇਹ ਸਿਰਫ ਮਾਮਲਾ ਦਬਾਉਣ ਦੀ ਕੋਸ਼ਿਸ਼ ਹੈ। ਇਹ ਮਸਲਾ ਕਿੰਨਾ ਗੰਭੀਰ ਹੈ ਕਿ ਪੀੜਿਤ ਵਿਦਿਆਰਥਣਾਂ ਵਲੋਂ ਆਤਮ ਹੱਤਿਆਂ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਇਹ ਘਟਨਾ ਵਿਦਿਆਰਥੀਆਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਵਾਲੀ ਹੈ।
ਇਸੇ ਦੌਰਾਨ ਅਵਾਮੀ ਰਾਈਟਰ ਫੈੱਡਰੇਸ਼ਨ ਕਾਰਕੁਨ ਜਸਪਾਲ ਵਾਹਦ ਤੇ ਆਮ ਬਸ਼ਰ ਦੀ ਪਰਵਾਜ਼ ਦੇ ਕੌਮਾਂਤਰੀ ਲਿਖਾਰੀ ਯਾਦਵਿੰਦਰ ਦੀਦਾਵਰ ਤੇ ਬਿੱਟੂ ਡੈਨਸੀਵਾਲ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਵਜਾਏ ਇਸ ਦੀ ਤਹਿ ਤੱਕ ਜਾਵੇ ਅਤੇ ਪੀੜਿਤ ਵਿਦਿਆਰਥੀਆਂ ਨੂੰ ਇਨਸਾਫ ਦੇਣ ਅਤੇ ਇਸ ਮਾਮਲੇ ਨੂੰ ਠੰਡਾ ਕਰਨ ਲਈ ਜ਼ਿੰਮੇਵਾਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨ ਵਾਲਾ ਮੋਹਾਲੀ ਪੁਲਸ ਪ੍ਰਸ਼ਾਸਨ ਤੇ ਸਖਤ ਕਾਰਵਾਈ ਕੀਤੀ ਜਾਵੇ। ਫੈੱਡਰੇਸ਼ਨ ਨੇ ਸਮੂਹ ਵਿਦਿਆਰਥੀਆਂ , ਜਥੇਬੰਦੀਆਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਇਸ ਖਿਲਾਫ਼ ਅੱਗੇ ਆਉਣ ਦੀ ਅਪੀਲ ਕੀਤੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly