ਪੁਲੀਸ ਵੱਲੋਂ ਭਾਜਪਾ ਮਹਿਲਾ ਆਗੂਆਂ ਨਾਲ ਖਿੱਚ-ਧੂਹ

ਚੰਡੀਗੜ੍ਹ (ਸਮਾਜ ਵੀਕਲੀ) : ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਔਰਤਾਂ ’ਤੇ ਹੋ ਰਹੇ ਜਬਰ-ਜ਼ੁਲਮ ਦੀਆਂ ਘਟਨਾਵਾਂ ਖ਼ਿਲਾਫ਼ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਜਾਂਦੀਆਂ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੂੰ ਪੁਲੀਸ ਵੱਲੋਂ ਪਹਿਲਾਂ ਹੀ ਰੋਕ ਲਿਆ ਗਿਆ। ਇਸ ਦੌਰਾਨ ਹੋਈ ਧੱਕਾ-ਮੁੱਕੀ ਕਾਰਨ ਕਈ ਆਗੂਆਂ ਨੂੰ ਸੱਟਾਂ ਵੀ ਲੱਗੀਆਂ। ਮਗਰੋਂ ਉਨ੍ਹਾਂ ਨੂੰ ਥਾਣੇ ਡੱਕ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਭਾਜਪਾ ਨੇ ਸੈਕਟਰ-17 ਸਥਿਤ ਸ਼ਿਵਾਲਿਕ ਹੋਟਲ ਨੇੜਿਓਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਜਿਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ’ਤੇ ਹੀ ਰੋਕ ਲਿਆ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੋਨਾ ਜੈਸਵਾਲ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਔਰਤਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਵੱਡੀ ਗਿਣਤੀ ਵਿੱਚ ਲੜਕੀਆਂ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਸਬੰਧੀ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਵੱਲੋਂ ਹੁਸ਼ਿਆਰਪੁਰ ਘਟਨਾ ਦੇ ਮੁਲਜ਼ਮਾਂ ਨੂੰ ਜਲਦ ਸਖ਼ਤ ਸਜ਼ਾ ਨਾ ਦਿੱਤੀ ਗਈ ਤਾਂ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਭਾਜਪਾ ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਹਾਥਰਸ ਘਟਨਾ ਦੌਰਾਨ ਡਰਾਮੇਬਾਜ਼ੀ ਕਰਦੇ ਹੋਏ ਪੈਦਲ ਮਾਰਚ ਕਰ ਕੇ ਉੱਥੇ ਜਾਣ ਲਈ ਤਿਆਰ ਹੋ ਗਏ ਪਰ ਹੁਸ਼ਿਆਰਪੁਰ ਵਿੱਚ 6 ਸਾਲਾਂ ਦੀ ਲੜਕੀ ਨਾਲ ਜਬਰ-ਜਨਾਹ ਦੀ ਘਟਨਾ ਵਾਪਰਨ ’ਤੇ ਕਿਸੇ ਵੀ ਕਾਂਗਰਸੀ ਆਗੂ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਨਹੀਂ ਕੀਤੀ ਗਈ।

Previous articleਬੀਕੇਯੂ ਏਕਤਾ (ਉਗਰਾਹਾਂ) ਨੇ 5 ਨਵੰਬਰ ਦੇ ਕੌਮੀ ਬੰਦ ਸਬੰਧੀ ਸ਼ੁੱਕਰਵਾਰ ਨੂੰ ਮੀਟਿੰਗ ਸੱਦੀ
Next articleਕੇਂਦਰ ਨੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਖੇਤੀ ਕਾਨੂੰਨ ਲਿਆਂਦੇ: ਜਾਖੜ