ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਕੈਦੀਆਂ ‘ਤੇ ਪੰਜਾਬ ‘ਚ ਅੱਤਵਾਦ ਦੌਰਾਨ ਅਪਰਾਧ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਮਨੁੱਖਤਾ ਦੇ ਆਧਾਰ ‘ਤੇ ਰਿਹਾਅ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਕਿ ਇਕ ਖ਼ਾਸ ਮਾਫ਼ੀ ਤਹਿਤ ਸਜ਼ਾ-ਏ-ਮੌਤ ਭੁਗਤ ਰਹੇ ਇਕ ਹੋਰ ਕੈਦੀ ਦੀ ਸਜ਼ਾ ਨੂੰ ਘਟਾ ਕੇ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਹੈ।
ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੱਖ-ਵੱਖ ਜੇਲ੍ਹਾਂ ‘ਚ ਬੰਦ ਨੌ ਸਿੱਖਾਂ ਨੂੰ ਮਾਫ਼ੀ ਦਾ ਫ਼ੈਸਲਾ ਕੀਤਾ ਹੈ। ਬੁਲਾਰੇ ਨੇ ਕਿਹਾ ਕਿ ਮੌਤ ਦੀ ਸਜ਼ਾ ਯਾਫ਼ਤਾ ਇਕ ਕੈਦੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਹੈ ਜਦਕਿ ਅੱਠ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਕੈਦੀਆਂ ਨੂੰ ਵੱਖ-ਵੱਖ ਅਦਾਲਤਾਂ ਵਲੋਂ ਪੰਜਾਬ ‘ਚ ਅੱਤਵਾਦ ਦੌਰਾਨ ਕੀਤੇ ਅਪਰਾਧਾਂ ਵਿਚ ਸਜ਼ਾਵਾਂ ਸੁਣਾਈਆਂ ਗਈਆਂ ਸਨ। ਇਸ ਸਬੰਧੀ ਵੱਖ-ਵੱਖ ਸੂਬਾ ਸਰਕਾਰਾਂ ਨੂੰ ਆਦੇਸ਼ ਦੀ ਕਾਪੀ ਭੇਜ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਤੋਂ ਬਾਅਦ ਲਿਆ ਹੈ। ਇਨ੍ਹਾਂ ਦੀ ਰਿਹਾਈ ਨਵੰਬਰ ‘ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੀ ਜਾਵੇਗੀ।
ਹਾਲੇ ਤਕ ਵੱਖ-ਵੱਖ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੇ ਦੋ ਪੜਾਵਾਂ ‘ਚ 1,424 ਕੈਦੀਆਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ ‘ਚ ਪਹਿਲੇ ਪੜਾਅ ‘ਚ 2 ਅਕਤੂਬਰ, 2018 ਅਤੇ 6 ਅਪ੍ਰਰੈਲ, 2019 ਨੂੰ ਕੈਦੀਆਂ ਦੀ ਰਿਹਾਈ ਕੀਤੀ ਗਈ ਸੀ। ਤੀਜੇ ਪੜਾਅ ‘ਚ 2 ਅਕਤੂਬਰ ਨੂੰ ਕੈਦੀਆਂ ਦੀ ਰਿਹਾਈ ਹੋਵੇਗੀ।
ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ
ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਦੇਸ਼ ਦੀਆਂ ਜੇਲ੍ਹਾਂ ‘ਚ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਕੀਤੀ ਜਾਵੇ ਜਿਹੜੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਤੇ ਦਖ਼ਲ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਅਜਿਹਾ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਸਰਕਾਰ ਕੁਝ ਲੋਕਾਂ ਨੂੰ ਤਾਂ ਕੈਦ ਰੱਖਣ ਅਤੇ ਕੁਝ ਨੂੰ ਰਿਹਾਅ ਕਰਨ ‘ਚ ਪੱਖਪਾਤ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਇਹ ਮੰਗ ਪੂਰੀ ਤਰ੍ਹਾਂ ਕਾਨੂੰਨ ਤੇ ਸੰਵਿਧਾਨ ਦੇ ਮੁਤਾਬਕ ਹੀ ਹੈ।
ਉੱਧਰ, ਇਸ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।