ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਲੈ ਕੇ ਟਕਰਾਅ ਦਾ ਮਾਹੌਲ ਬਣਦਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰਨ ਲਈ ਜ਼ੋਰ ਪਾਉਣ ਦੇ ਨਾਲ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਦਿਲਚਸਪੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਸ੍ਰੀਮਤੀ ਬਾਦਲ ਦੀਆਂ ਗਤੀਵਿਧੀਆਂ ਕਾਰਨ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਨੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਡਿਵੀਜ਼ਨ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਜ਼ੁਬਾਨੀ ਤੌਰ ’ਤੇ ਰਿਪੋਰਟ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਜਲੰਧਰ ’ਚ ਤਾਇਨਾਤ ਇੱਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਹਰਸਿਮਰਤ ਬਾਦਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ’ਚ ਲਿਆ ਦਿੱਤਾ ਗਿਆ ਹੈ। ਮੁੱਖ ਸਕੱਤਰ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕੋਈ ਹਦਾਇਤ ਨਹੀਂ ਦਿੱਤੀ ਗਈ ਕਿ ਪ੍ਰਕਾਸ਼ ਪੁਰਬ ਸਬੰਧੀ ਹਰਸਿਮਰਤ ਕੌਰ ਬਾਦਲ ਨੂੰ ਕੋਈ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਲਈ ਰਾਜ ਸਰਕਾਰ ਕੇਂਦਰ ਦੇ ਅਜਿਹੇ ਵਿਭਾਗ ਨਾਲ ਹੀ ਤਾਲਮੇਲ ਕਰ ਸਕਦੀ ਹੈ ਜਿਸ ਵਿਭਾਗ ਦੀ ਜ਼ਿੰਮੇਵਾਰੀ ਅਧਿਕਾਰਤ ਤੌਰ ’ਤੇ ਕੇਂਦਰ ਸਰਕਾਰ ਨੇ ਲਾਈ ਹੋਵੇ। ਮਹੱਤਵਪੂਰਨ ਤੱਥ ਇਹ ਹੈ ਕਿ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੰਮ-ਕਾਰ ਦੇ ਮਾਮਲੇ ਵਿੱਚ ਬਾਦਲ ਪਰਿਵਾਰ ਦੀ ਕੋਈ ਵੱਡੀ ਭੂਮਿਕਾ ਦਿਖਾਈ ਨਹੀਂ ਦੇ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਕੁਝ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸੀਨੀਅਰ ਆਗੂਆਂ ਵੱਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ ਕਿ ਸਿੱਖਾਂ ਦੇ ਧਾਰਮਿਕ ਸਮਾਗਮਾਂ ਦੀ ਅਗਵਾਈ ਹਮੇਸ਼ਾ ਸ਼੍ਰੋਮਣੀ ਕਮੇਟੀ ਕਰਦੀ ਆਈ ਹੈ। ਇਸ ਲਈ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅਗਵਾਈ ਵੀ ਸ਼੍ਰੋਮਣੀ ਕਮੇਟੀ ਨੂੰ ਹੀ ਕਰਨੀ ਚਾਹੀਦੀ ਹੈ। ਅਕਾਲੀਆਂ ਵੱਲੋਂ ਇਹ ਵੀ ਦਲੀਲ ਦਿੱਤੀ ਜਾ ਰਹੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਕਿਹਾ ਹੈ। ਇਸ ਲਈ ਜੇਕਰ ਕਾਂਗਰਸ ਸਰਕਾਰ ਵੱਖਰੇ ਤੌਰ ’ਤੇ ਸਮਾਗਮ ਕਰਦੀ ਹੈ ਤਾਂ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਅਵੱਗਿਆ ਹੋਵੇਗੀ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸ਼੍ਰੋਮਣੀ ਕਮੇਟੀ ਨੂੰ ਹੀ ਸਮਾਗਮ ਦੀ ਅਗਵਾਈ ਕਰਨੀ ਚਾਹੀਦੀ ਹੈ ਪਰ ਜਦੋਂ ਸਮਾਗਮ ਬਾਹਰ ਹੋਵੇ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਸੂਬੇ ਵਿੱਚ ਕਾਂਗਰਸ ਸਰਕਾਰ ਹੋਣ ਕਾਰਨ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੁੱਕਰੇ ਲੱਗਿਆ ਮਹਿਸੂਸ ਕਰ ਰਿਹਾ ਹੈ। ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਨੂੰ ਸਫ਼ੈਦ ਰੰਗ ’ਚ ਰੰਗਣ ਦੀ ਸੇਵਾ ਸ਼ੁਰੂ ਕੀਤੀ ਹੈ। ਪੰਜਾਬ ਦੀ ਸੱਤਾ ’ਚੋਂ ਲਾਂਭੇ ਹੋਣ ਅਤੇ ਬੇਅਦਬੀ ਕਾਂਡ ਦੇ ਦੋਸ਼ਾਂ ’ਚ ਘਿਰਨ ਮਗਰੋਂ ਅਕਾਲੀ ਦਲ ਸਿਆਸੀ ਤੌਰ ’ਤੇ ਸੰਕਟ ਵਿੱਚ ਹੀ ਘਿਰਿਆ ਦਿਖਾਈ ਦੇ ਰਿਹਾ ਹੈ। ਧਾਰਮਿਕ ਸਮਾਗਮਾਂ ਦੀਆਂ ਗਤੀਵਿਧੀਆਂ ਦੌਰਾਨ ਅਕਾਲੀ ਦਲ ਨੇ ਇੱਕ ਤਰ੍ਹਾਂ ਨਾਲ ਸੰਕਟ ਟਾਲਣ ਦਾ ਮੌਕਾ ਲੱਭਿਆ ਹੈ।
INDIA ਪ੍ਰਕਾਸ਼ ਪੁਰਬ ਸਮਾਗਮ: ਸਰਕਾਰ ਤੇ ਅਕਾਲੀ ਦਲ ਦਰਮਿਆਨ ਟਕਰਾਅ ਦੀ ਸਥਿਤੀ