ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜ਼ਰੂਰੀ ਵਸਤਾਂ ਦੀਆਂ ਆਸਮਾਨ ਛੂੰਹਦੀਆਂ ਕੀਮਤਾਂ ਕੰਟਰੋਲ ਕਰਨ ਲਈ ਉਨ੍ਹਾਂ ਦੀ ਦਖਲਅੰਦਾਜ਼ੀ ਮੰਗੀ ਹੈ। ਉਨ੍ਹਾਂ ਨੇ ਪਿਆਜ਼ ਅਤੇ ਆਲੂਆਂ ਵਰਗੀਆ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਕਾਬੂ ਲਈ ਪ੍ਰਧਾਨ ਮੰਤਰੀ ਨੂੰ ਸੂਬੇ ਦੀਆਂ ਸ਼ਕਤੀਆਂ ਬਹਾਲ ਕਰਨ ਦੀ ਅਪੀਲ ਵੀ ਕੀਤੀ।
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਾਰ ਸਫ਼ਿਆ ਦੇ ਪੱਤਰ ’ਚ ਲਿਖਿਆ, ‘ਮੁੱਦੇ ਦੀ ਗੰਭੀਰਤਾ ਨੂੰ ਦੇਖਦਿਆਂ ਮੈਂ ਕੇਂਦਰ ਸਰਕਾਰ ਨੂੰ ਜਮ੍ਹਾਂਖੋਰੀ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ, ਕਿਉਂਕਿ ਰੋਜ਼ਮੱਰ੍ਹਾ ਜ਼ਰੂਰਤ ਦੀਆਂ ਵਸਤਾਂ ਦੇ ਭਾਅ ਆਸਮਾਨੀ ਚੜ੍ਹਨ ਕਾਰਨ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿੱਕਰੀ ਸਬੰਧੀ ਸੂਬਾ ਸਰਕਾਰ ਦੀਆਂ ਸ਼ਕਤੀਆਂ ਬਹਾਲ ਕੀਤੀਆਂ ਜਾਣ।’