ਆਮ ਆਦਮੀ ਪਾਰਟੀ ਦੀ ਪਟਿਆਲਾ ਤੋਂ ਉਮੀਦਵਾਰ ਨੀਨਾ ਮਿੱਤਲ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਵਿਚ ਮੁੱਖ ਮੰਤਰੀ ਦੀ ਪਤਨੀ ਪ੍ਰਨੀਤ ਕੌਰ ਆਦਰਸ਼ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਹਨ ਪਰ ਜ਼ਿਲ੍ਹਾ ਚੋਣ ਅਧਿਕਾਰੀ ਚੁੱਪ ਹਨ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਪਟਿਆਲਾ ਵਿਚ ਮੁੱਖ ਮੰਤਰੀ ਦੀ ਪਤਨੀ ਦਾ ਚੋਣ ਅਧਿਕਾਰੀ ਡਟ ਕੇ ਪੱਖ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਮੋਤੀ ਬਾਗ਼ ਪੈਲੇਸ ’ਚ ਪ੍ਰਨੀਤ ਕੌਰ ਨੇ ਲੋਕ ਦਰਬਾਰ ਲਗਾਇਆ ਤੇ ਕਈ ਅਧਿਕਾਰੀਆਂ ਨੂੰ ਫ਼ੋਨ ਕਰਕੇ ਲੋਕਾਂ ਦੇ ਕੰਮ ਕਰਨ ਦਾ ਦਬਾਅ ਬਣਾਇਆ ਅਤੇ ਸਿਫ਼ਾਰਸ਼ਾਂ ਕੀਤੀਆਂ ਜੋ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਵਿਚ ਚੋਣ ਕਮਿਸ਼ਨ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੀ ਛੁੱਟੀ ਕਰਨ ਦੀ ਦਿੱਤੀ ਚਿਤਾਵਨੀ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸਿਆਸੀ ਹਾਰ ਕਬੂਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਕੋਟੇ ’ਚੋਂ ਆਏ ਹਨ, ਜਦਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਕੋਟੇ ’ਚੋਂ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਨਾ ਹੋਣ ਕਾਰਨ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਮਹਿਲਾਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁਕਾਬਲਾ ਭ੍ਰਿਸ਼ਟਾਚਾਰ, ਮਹਿੰਗਾਈ ਤੇ ਕਿਸਾਨੀ ਵਰਗੇ ਮੁੱਦਿਆਂ ਨਾਲ ਹੈ। ਸ੍ਰੀ ਮਾਨ ਨੇ ਨੀਨਾ ਮਿੱਤਲ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਵਾਂਗ ਉਹ 25 ਸਾਲ ਰਾਜ ਕਰਨ ਦਾ ਦਾਅਵਾ ਨਹੀਂ ਕਰਦੇ, ਬਲਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਾਂ ਨਾਲੋਂ ਵੱਧ ਸੀਟਾਂ ’ਤੇ ਪਾਰਲੀਮੈਂਟ ਪੁੱਜਣਗੇ।
INDIA ਪ੍ਰਨੀਤ ਕੌਰ ਨੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ: ਭਗਵੰਤ ਮਾਨ