ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਦਿੱਤੇ ਗਏ ਬਿਆਨ ਨੂੰ ‘ਗ਼ੈਰਜ਼ਿੰਮੇਵਾਰਾਨਾ’ ਅਤੇ ‘ਮੰਦਭਾਗਾ’ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਰਾਜਨਾਥ ਸਿੰਘ ਨੇ ਪੋਖਰਣ ਦੇ ਦੌਰੇ ਮੌਕੇ ਕਿਹਾ ਸੀ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਦੇ ਫ਼ੈਸਲੇ ਦਾ ਹਮੇਸ਼ਾ ਪਾਲਣ ਕਰਦਾ ਆ ਰਿਹਾ ਹੈ ਪਰ ‘ਭਵਿੱਖ ’ਚ ਕੀ ਕੁਝ ਹੋਵੇਗਾ, ਇਹ ਹਾਲਾਤ ਉੱਤੇ ਨਿਰਭਰ ਕਰੇਗਾ।’ ਕੁਰੈਸ਼ੀ ਨੇ ਕਿਹਾ ਕਿ ਭਾਰਤੀ ਰੱਖਿਆ ਮੰਤਰੀ ਦੇ ਬਿਆਨ ਦਾ ਮਤਲਬ ਅਤੇ ਸਮਾਂ ਬਹੁਤ ਮੰਦਭਾਗਾ ਹੈ ਅਤੇ ਇਸ ਤੋਂ ਪਤਾ ਲਗਦਾ ਹੈ ਕਿ ਭਾਰਤ ਦਾ ਵਤੀਰਾ ਗ਼ੈਰਜ਼ਿੰਮੇਵਾਰਾਨਾ ਅਤੇ ਲੜਾਈ ਵਾਲਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਬੰਧੀ ਆਪਣੇ ਪੁਰਾਣੇ ਸਟੈਂਡ ’ਤੇ ਕਾਇਮ ਹੈ। ਕੁਰੈਸ਼ੀ ਨੇ ਕਿਹਾ ਕਿ ਭਾਰਤੀ ਰੱਖਿਆ ਮੰਤਰੀ ਦਾ ਬਿਆਨ ਉਨ੍ਹਾਂ ਦੀ ‘ਅਗਿਆਨਤਾ’ ਨੂੰ ਦਰਸਾਉਂਦਾ ਹੈ। ਭਾਰਤ ਵੱਲੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੇ ਵਿਰੋਧ ’ਚ ਪਾਕਿਸਤਾਨ ਵੱਲੋਂ ਇਹ ਮਾਮਲਾ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ’ਚ ਉਠਾਏ ਜਾਣ ਕਾਰਨ ਇਹ ਮਾਮਲਾ ਭਖ ਗਿਆ ਹੈ। ਕੁਰੈਸ਼ੀ ਨੇ ਕਿਹਾ ਕਿ ਸਲਾਮਤੀ ਪ੍ਰੀਸ਼ਦ ਦੀ ਬੈਠਕ ਨੇ ਦਿਖਾਇਆ ਹੈ ਕਿ ਕਸ਼ਮੀਰ ਦੇ ਲੋਕ ਇਕੱਲੇ ਨਹੀਂ ਹਨ। ਉਨ੍ਹਾਂ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਵੀ ਇਨਕਾਰ ਕੀਤਾ।
HOME ਪ੍ਰਮਾਣੂ ਹਥਿਆਰਾਂ ਬਾਰੇ ਰਾਜਨਾਥ ਦੇ ਬਿਆਨ ਦੀ ਕੁਰੈਸ਼ੀ ਵੱਲੋਂ ਨਿਖੇਧੀ