ਪੰਜਾਬ ਦੀਆਂ ਜੇਲ੍ਹਾਂ ’ਚ ਹੋਰ ਸੁਧਾਰ ਕਰਨ ਲਈ ਪ੍ਰਮੁੱਖ ਸਕੱਤਰ (ਜੇਲ੍ਹਾਂ) ਕਿਰਪਾ ਸ਼ੰਕਰ ਸਰੋਜ ਵੱਲੋਂ ਅੱਜ ਇਥੇ ਪਟਿਆਲਾ ਜ਼ਿਲ੍ਹੇ ਦੀਆਂ ਪ੍ਰਮੁੱਖ ਚਾਰ ਜੇਲ੍ਹਾਂ ਦੇ ਅਧਿਕਾਰੀਆਂ ਤੇ ਹੋਰ ਅਮਲੇ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਜੇਲ੍ਹ ਸੁਧਾਰਾਂ ਲਈ ਸੁਝਾਅ ਲਏ ਗਏ। ਉਨ੍ਹਾਂ ਜੇਲ੍ਹ ਸੁਪਰਡੈਂਟਾਂ ਨੂੰ ਕੈਦੀਆਂ ਦੀਆਂ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਕੈਦੀਆਂ ਨੂੰ ਜੇਲ੍ਹ ਵਿਭਾਗ ਦੇ ਸਾਲਾਨਾ ਕੈਲੰਡਰ ਮੁਤਾਬਕ ਹੀ ਖੇਡਾਂ, ਯੋਗ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਦਿਆਂ, ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਨਿਰੀਖਣ ਵੀ ਕੀਤਾ। ਮੀਟਿੰਗ ’ਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਮੁੱਖ ਸਕੱਤਰ ਜੇਲ੍ਹਾਂ ਦੀ ਮੁਰੰਮਤ, ਸਟਾਫ਼ ਦੀ ਕਮੀ ਅਤੇ ਮੈਡੀਕਲ ਸਹੂਲਤਾਂ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਸਮੇਤ ਹੋਰ ਸਮੱਸਿਆਵਾਂ ਬਾਰੇ ਦੱਸਿਆ ਗਿਆ, ਜਿਸ ’ਤੇ ਪ੍ਰਮੁੱਖ ਸਕੱਤਰ ਨੇ ਇਨ੍ਹਾਂ ਸਮੱਸਿਆ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸਮਾਜ ਸੇਵੀ ਸੰਸਥਾ ਮਾਈ ਭਾਗੋ ਬ੍ਰਿਗੇਡ ਤੋਂ ਡਾ. ਕੁਲਵੰਤ ਕੌਰ ਨੇ ਜੇਲ੍ਹਾਂ ਵਿਚ ਲਾਇਬਰੇਰੀਆਂ ਸਥਾਪਤ ਕਰਨ ਅਤੇ ਵਾਟਰ ਰੀਚਾਰਜਿੰਗ ਪਲਾਟ ਲਗਾਉਣ ਦਾ ਸੁਝਾਅ ਦਿੱਤਾ। ਜਦਕਿ ਜਨ-ਹਿੱਤ ਸਮਿਤੀ ਵੱਲੋਂ ਬੂਟੇ ਲਗਾਉਣ ’ਤੇ ਜ਼ੋਰ ਦਿੱਤਾ ਗਿਆ। ਇਸੇ ਤਰ੍ਹਾਂ ਬਾਕੀਆਂ ਨੇ ਕੈਦੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਉਣ, ਜੇਲ੍ਹਾਂ ’ਚ ਸੋਲਰ ਪਲਾਂਟ ਲਗਾਉਣ ਸਮੇਤ ਕੈਦੀਆਂ ਨੂੰ ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਵਰਗੇ ਸੁਝਾਅ ਵੀ ਪੇਸ਼ ਕੀਤੇ। ਇਸ ਮੌਕੇ ਐੱਸਪੀ (ਐੱਚ) ਡਾ. ਰਵਜੋਤ ਗਰੇਵਾਲ, ਐੱਸਡੀਐਮ ਰਵਿੰਦਰ ਸਿੰਘ ਅਰੋੜਾ, ਸੀਜੇਐੱਮ ਪਰਮਿੰਦਰ ਕੌਰ, ਪਟਿਆਲਾ ਜੇਲ੍ਹ ਦੇ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ, ਉੱਚ ਸੁਰੱਖਿਆ ਜੇਲ੍ਹ ਨਾਭਾ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਸੁਪਰਡੈਂਟ ਬੀ.ਐਸ.ਭੁੱਲਰ ਅਤੇ ਖੁੱਲ੍ਹੀ ਜੇਲ੍ਹ ਨਾਭਾ ਦੇ ਸੁਪਰਡੈਂਟ ਸੁੱਚਾ ਸਿੰਘ ਤੇ ਹੋਰ ਮੌਜੂਦ ਸਨ।
INDIA ਪ੍ਰਮੁੱਖ ਸਕੱਤਰ ਵੱਲੋਂ ਜੇਲ੍ਹ ਸੁਪਰਡੈਂਟਾਂ ਨਾਲ ਮੀਟਿੰਗ