ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ਦੇ 100 ਮੀਟਰ ਦੇ ਪਾਬੰਦੀਸ਼ੁਦਾ ਘੇਰੇ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਮਰ ਕੱਸ ਲਈ ਗਈ ਹੈ। ਪ੍ਰਸ਼ਾਸਨ ਵੱਲੋਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਸੋਮਵਾਰ ਦਾ ਦਿਨ ਨਿਰਧਾਰਤ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਨਾਇਬ ਤਹਿਸੀਲਦਾਰ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਨਗਰ ਕੌਂਸਲ ਦੇ ਐਮਈ ਮੁਕੇਸ਼ ਰਾਏ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਲਈ ਸੋਮਵਾਰ ਨੂੰ ਪੁਲੀਸ ਸਹਾਇਤਾ ਲੈਣ ਲਈ ਪੱਤਰ ਵੀ ਲਿਖ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਹਵਾਈ ਅੱਡੇ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਵੀ ਉਸਾਰੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਖੇਤਰ ਵਿੱਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਹੈ। ਮਾਮਲਾ ਹਾਈ ਕੋਰਟ ਵਿੱਚ ਪਹੁੰਚਣ ਮਗਰੋਂ ਅਦਾਲਤ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਖੇਤਰ ਵਿੱਚ ਨਾਜਾਇਜ਼ ਉਸਾਰੀਆਂ ਦਾ ਸਰਵੇ ਕਰ ਕੇ ਸੂਚੀ ਤਿਆਰ ਕਰਨ ਦੀ ਹਦਾਇਤ ਦਿੱਤੀ ਸੀ। ਇਸ ਦੌਰਾਨ ਕਰਵਾਏ ਗਏ ਸਰਵੇ ਵਿੱਚ 398 ਨਾਜਾਇਜ਼ ਉਸਾਰੀਆਂ ਸਾਹਮਣੇ ਆਈਆਂ ਸਨ ਜਿਸ ਕਰਕੇ ਹਵਾਈ ਅੱਡੇ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਸੀ। ਇਸ ਦੌਰਾਨ ਨਾਜਾਇਜ਼ ਉਸਾਰੀਆਂ ਦੇ ਮਾਲਕਾਂ ਵੱਲੋਂ ਵੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਤੇ ਅਦਾਲਤ ਨੇ ਮਾਲਕਾਂ ਦਾ ਪੱਖ ਸੁਣਨ ਮਗਰੋਂ ਰਿਪੋਰਟ ਭੇਜਣ ਲਈ ਕਿਹਾ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਆਪਣੇ ਦਸਤਾਵੇਸ਼ ਪੇਸ਼ ਕੀਤੇ ਗਏ ਜਿਸ ਮੁਤਾਬਕ ਉਨ੍ਹਾਂ ਵੱਲੋਂ ਇਹ ਉਸਾਰੀਆਂ ਕੌਂਸਲ ਦੇ ਬਣਨ ਤੋਂ ਪਹਿਲਾਂ ਕੀਤੀਆਂ ਗਈਆਂ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਰੇ ਦਸਤਾਵੇਜ਼ਾਂ ਦੀ ਜਾਂਚ ਕਰਨ ਮਗਰੋਂ 81 ਉਸਾਰੀਆਂ ਗੈਰਕਾਨੂੰਨੀ ਪਾਈਆਂ ਗਈਆਂ ਸਨ ਜਿਨ੍ਹਾਂ ਨੂੰ ਢਾਹੁਣ ਦੀ ਤਿਆਰੀ ਕੀਤੀ ਜਾ ਰਹੀ ਹੈ।
INDIA ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਮਰ ਕੱਸੀ