ਸੰਗਰੂਰ– ਪ੍ਰਾਈਵੇਟ ਸਕੂਲਾਂ ਵਿਰੁੱਧ ਸੰਘਰਸ਼ਸ਼ੀਲ ਵਿਦਿਆਰਥਣ ਨੋਬਲ ਵੱਲੋਂ ਇੱਥੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ‘ਆਪ’ ਵਲੋਂ ਵਿਦਿਆਰਥੀਆਂ ਦੇ ਹੱਕਾਂ ਲਈ ਬਣਦੀ ਭੂਮਿਕਾ ਨਿਭਾਈ ਜਾਵੇ ਅਤੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਵਿਰੁੱਧ ਸੰਘਰਸ਼ ਵਿੱਢਿਆ ਜਾਵੇ। ਜਲੰਧਰ ਦੀ ਵਸਨੀਕ ਵਿਦਿਆਰਥਣ ਨੋਬਲ ਨੇ ਨੌਵੀਂ ਜਮਾਤ ਤੋਂ ਹੀ ਸਕੂਲਾਂ ਲੁੱਟ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ, ਐਚ.ਐੱਸ. ਫੂਲਕਾ ਤੋਂ ਇਲਾਵਾ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸਮੇਂ-ਸਮੇਂ ਮੰਗ ਪੱਤਰ ਸੌਂਪ ਕੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਨੂੰ ਨੱਥ ਪਾਉਣ ਦੀ ਅਪੀਲ ਕਰਦੀ ਆ ਰਹੀ ਹੈ ਤਾਂ ਜੋ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਤੇ ਮਾਨਸਿਕ ਲੁੱਟ ਨੂੰ ਰੋਕਿਆ ਜਾ ਸਕੇ। ਵਿਦਿਆਰਥਣ ਨੋਬਲ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦਾ ਕੋਈ ਵੀ ਅਧਿਕਾਰੀ ਅਤੇ ਸਿਆਸੀ ਆਗੂ ਪ੍ਰਾਈਵੇਟ ਸਕੂਲਾਂ ਦੀ ਲੁੱਟ ਵਿਰੁੱਧ ਬੋਲਣ ਲਈ ਤਿਆਰ ਨਹੀਂ ਹੈ ਜਿਸ ਕਰਕੇ ਸਕੂਲਾਂ ਵਲੋਂ ਲਗਾਤਾਰ ਵਿਦਿਆਰਥੀਆਂ ਅਤੇ ਮਾਪਿਆਂ ਦੀ ਲੁੱਟ ਕੀਤੀ ਜਾ ਰਹੀ ਹੈ। ਵਿਦਿਆਰਥਣ ਨੇ ਕਿਹਾ ਕਿ ਉਹ ਮਹਿੰਗੀਆਂ ਕਿਤਾਬਾਂ, ਮਹਿੰਗੀਆਂ ਵਰਦੀਆਂ, ਜ਼ਿਆਦਾ ਦਾਖ਼ਲਾ ਫੀਸ ਆਦਿ ਨੂੰ ਰੋਕਣ ਲਈ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਿਲਣ ਪੁੱਜੇ ਸਨ ਪਰ ਅਗਾਊਂ ਸੂਚਨਾ ਦੇਣ ਦੇ ਬਾਵਜੂਦ ਉਹ ਦਫ਼ਤਰ ਵਿਚ ਨਹੀਂ ਮਿਲੇ। ਧਰਨੇ ਦੌਰਾਨ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਅਤੇ ਆਗੂ ਗੁਰਚਰਨ ਸਿੰਘ ਈਲਵਾਲ ਨੇ ਵਿਦਿਆਰਥਣ ਨੋਬਲ ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਜਲਦੀ ਹੀ ਪ੍ਰਾਈਵੇਟ ਸਕੂਲਾਂ ਦੀ ਲੁੱਟ ਵਿਰੁੱਧ ਸੰਘਰਸ਼ ਕਰੇਗੀ।
INDIA ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਕਾਰਵਾਈ ਲਈ ਭਗਵੰਤ ਮਾਨ ਦੇ ਦਫ਼ਤਰ ਅੱਗੇ ਧਰਨਾ