* ਦਰਿਆਈ ਪਾਣੀਆਂ ਦਾ ਨਵੇਂ ਸਿਰਿਓਂ ਮੁਲਾਂਕਣ ਕਰਨ ਦੀ ਮੰਗ
* ਐੱਸਵਾਈਐੱਲ ਦੀ ਉਸਾਰੀ ਨੂੰ ਹਰ ਪੱਖ ਤੋਂ ਘਾਤਕ ਦੱਸਿਆ
* ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਦਾ ਫ਼ੈਸਲਾ
* ਕੈਪਟਨ ਸਰਕਾਰ ਵੱਲੋਂ ਹਰ ਛਿਮਾਹੀ ਸਰਬ-ਪਾਰਟੀ ਮੀਟਿੰਗ ਸੱਦਣ ਦਾ ਫ਼ੈਸਲਾ
* ਮੀਟਿੰਗ ’ਚ ਨਾ ਜਾਣ ਦੇ ਰੋਸ ਵਜੋਂ ਬੈਂਸ ਭਰਾਵਾਂ ਵੱਲੋਂ ਪੰਜਾਬ ਭਵਨ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਸਰਬ-ਪਾਰਟੀ ਮੀਟਿੰਗ ਦੌਰਾਨ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਨੇ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲੱਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ। ਬੈਠਕ ਦੌਰਾਨ ਸਰਬਸੰਮਤੀ ਨਾਲ ਸੰਕਲਪ ਲਿਆ ਗਿਆ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨੋਂ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ‘ਬੇਸਿਨ ਤੋਂ ਨਾਨ-ਬੇਸਿਨ’ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ। ਪਾਣੀਆਂ ਦੇ ਮੁੱਦੇ ’ਤੇ ਰਿਪੇਅਰੀਅਨ ਸਿਧਾਂਤ ਹੀ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਜੋ ਸੂਬੇ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਬਣਾਉਣ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਪੜ੍ਹੇ ਗਏ ਮਤੇ ਵਿੱਚ ਕਿਹਾ ਗਿਆ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਸੂਬੇ ਦੇ ਮਾਰੂਥਲ ਬਣਨ ਦਾ ਖ਼ਦਸ਼ਾ ਹੈ। ਉਨ੍ਹਾਂ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿੱਲ, 2019 ਦੀ ਧਾਰਾ 12 ਬਦਲਣ ਲਈ ਵੀ ਆਖਿਆ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੇ ਆਖਿਆ ਕਿ ‘ਸਤਲੁਜ ਯਮੁਨਾ ਲਿੰਕ’ ਨਹਿਰ ਦੀ ਉਸਾਰੀ ਵੱਲ ਚੁੱਕਿਆ ਕੋਈ ਵੀ ਕਦਮ ਸੂਬੇ ਲਈ ਘਾਤਕ ਸਾਬਿਤ ਹੋਵੇਗਾ।
ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨ੍ਹਾਂ ਦੀ ਸਰਕਾਰ ਪ੍ਰਧਾਨ ਮੰਤਰੀ ਤੋਂ ਮਿਲਣ ਦਾ ਸਮਾਂ ਮੰਗੇਗੀ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਨੂੰ ਵਿਚਾਰਨ ਲਈ ਹਰੇਕ ਛਿਮਾਹੀ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇਗੀ। ਕੈਪਟਨ ਨੇ ਕਿਹਾ,‘‘ਮੌਸਮੀ ਤਬਦੀਲੀਆਂ ਅਤੇ ਪਿਘਲ ਰਹੇ ਗਲੇਸ਼ੀਅਰਾਂ ਦੇ ਮੱਦੇਨਜ਼ਰ ਪਾਣੀ ਆਲਮੀ ਮਸਲਾ ਬਣ ਕੇ ਉੱਭਰਿਆ ਹੈ ਅਤੇ ਦੁਨੀਆ ਭਰ ਵਿੱਚ ਸ਼ਹਿਰਾਂ ਦੇ ਪਾਣੀ ਹੇਠਾਂ ਆਉਣ ਦੀ ਪੇਸ਼ੀਨਗੋਈ ਕੀਤੀ ਗਈ ਹੈ।’’ ਉਨ੍ਹਾਂ ਕਿਹਾ ਕਿ ਇਰਾਡੀ ਕਮਿਸ਼ਨ ਅਨੁਸਾਰ ਸੂਬੇ ਦੇ ਦਰਿਆਵਾਂ ਵਿੱਚ ਪਾਣੀ 17 ਐੱਮਏਐੱਫ ਤੋਂ ਘੱਟ ਕੇ 13 ਐੱਮਏਐੱਫ ਰਹਿ ਗਿਆ ਹੈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅੱਗੇ ਮੰਗ ਰੱਖੀ ਗਈ ਹੈ ਕਿ ਸੂਬੇ ਦੇ ਤਿੰਨ ਦਰਿਆਵਾਂ ਵਿੱਚ ਪਾਣੀ ਦਾ ਮੌਜੂਦਾ ਪੱਧਰ ਪਤਾ ਕਰਨ ਲਈ ਨਵਾਂ ਕਮਿਸ਼ਨ ਸਥਾਪਤ ਕੀਤਾ ਜਾਵੇ।
ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿੱਟ ਦਾਇਰ ਕਰ ਕੇ ਪੰਜਾਬ ਵਿੱਚ ਪਾਣੀਆਂ ਦੀਆਂ ਮੌਜੂਦਾ ਸਥਿਤੀਆਂ ਦਾ ਤਾਜ਼ਾ ਮੁਲਾਂਕਣ ਕਰਨ ਦੀ ਮੰਗ ਕਰਨੀ ਚਾਹੀਦੀ ਹੈ। ਅਮਨ ਅਰੋੜਾ ਨੇ ਸਬ-ਕਮੇਟੀ ਬਣਾਉਣ ਦੀ ਮੰਗ ਕੀਤੀ ਜਿਸ ਵਿੱਚ ਮੰਤਰੀ, ਅਧਿਕਾਰੀ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਐੱਸਵਾਈਐੱਲ ਨੂੰ ਵੱਡਾ ਮੁੱਦਾ ਦੱਸਦਿਆਂ ਕਿਹਾ ਕਿ ਕਾਨੂੰਨੀ ਹੱਲ ਦੇ ਨਾਲ-ਨਾਲ ਇਸ ਮੁੱਦੇ ਦੀ ਰਾਜਸੀ ਤੌਰ ’ਤੇ ਵੀ ਪੈਰਵੀ ਕਰਨੀ ਚਾਹੀਦੀ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਅਰੀਅਨ ਕਾਨੂੰਨਾਂ ਤੋਂ ਬਿਨਾਂ ਅਕਾਲੀ ਦਲ ਨੂੰ ਕੁਝ ਵੀ ਮਨਜ਼ੂਰ ਨਹੀਂ ਹੈ। ਭਾਜਪਾ ਦੇ ਮਦਨ ਮੋਹਨ ਮਿੱਤਲ ਨੇ ਕਣਕ/ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਸੀਪੀਆਈ ਦੇ ਬੰਤ ਬਰਾੜ ਅਤੇ ਸੀਪੀਐੱਮ ਦੇ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਣੀ ਦੀ ਵੰਡ ਲੌਂਗੋਵਾਲ ਸਮਝੌਤੇ ਅਨੁਸਾਰ ਹੋਣੀ ਚਾਹੀਦੀ ਹੈ। ਬਸਪਾ ਦੇ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਨੂੰ ਬਣਦਾ ਪਾਣੀਆਂ ਦਾ ਹਿੱਸਾ ਨਾ ਦੇ ਕੇ ਕੇਂਦਰ ਨੇ ਪਹਿਲਾਂ ਹੀ ਵਿਤਕਰੇਬਾਜ਼ੀ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੇ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਟਿਊਬਵੈਲਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਬੰਦ ਕਰੇ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਝਾਅ ਦਿੱਤਾ ਕਿ ਸਰਬ ਪਾਰਟੀ ਵਫ਼ਦ ਨੂੰ ਰਹਿਮ ਦੀ ਅਪੀਲ ਨਾਲ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਕਿ ਇਸ ਸਮੱਸਿਆ ਦਾ ਛੇਤੀ ਹੱਲ ਨਾ ਹੋਣ ’ਤੇ ਲੋਕ ਮਰਨਾ ਸ਼ੁਰੂ ਕਰ ਦੇਣਗੇ।
ਮੀਟਿੰਗ ਵਿੱਚ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੀਪੀਆਈ ਆਗੂ ਭੁਪਿੰਦਰ ਸਾਂਭਰ, ਡਾ. ਜੋਗਿੰਦਰ ਦਿਆਲ, ਸੀਪੀਐੱਮ ਦੇ ਭੂਪ ਚੰਦ, ਬਸਪਾ ਦੇ ਨਛੱਤਰ ਪਾਲ, ਡਾ. ਜਸਪ੍ਰੀਤ ਸਿੰਘ, ਤ੍ਰਿਣਮੂਲ ਕਾਂਗਰਸ ਦੇ ਗੁਰਪ੍ਰੀਤ ਚੌਹਾਨ, ਰੌਸ਼ਨ ਲਾਲ ਗੋਇਲ ਅਤੇ ਐੱਨਸੀਪੀ ਆਗੂ ਗੁਰਿੰਦਰ ਸਿੰਘ ਸ਼ਾਮਲ ਸਨ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਅਤੇ ਅਧਿਕਾਰੀ ਵੀ ਹਾਜ਼ਰ ਸਨ।