ਚੰਡੀਗੜ੍ਹ : ਕੇਂਦਰ ਨੇ ਸਾਉਣੀ ਦੇ 2019-20 ਖ਼ਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖ਼ਰੀਦ ਲਈ ਪੰਜਾਬ ਲਈ ਨਕਦ ਕਰਜ਼ਾ ਹੱਦ (ਸੀਸੀਐਲ) ਦੇ 26707.50 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ। ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਅਕਤੂਬਰ ਦੇ ਅੰਤ ਤਕ ਸੀਸੀਐਲ (ਕੈਸ਼ ਕ੍ਰੈਡਿਟ ਲਿਮਿਟ) ਦੀ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਬਦਲੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨਿੱਜੀ ਤੌਰ ‘ਤੇ ਸੀਸੀਐਲ ਜਲਦ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਰੱਖ ਰਹੇ ਸਨ। ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਅਤੇ ਇਸ ਦੀ ਚਾਲ ‘ਤੇ ਤਸੱਲੀ ਪ੍ਰਗਟਾਉਂਦਿਆਂ ਕੈਪਟਨ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਲਿਫਟਿੰਗ ਤੁਰੰਤ ਹੋਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫ਼ਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਹੁਣ ਤਕ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚ ਪਨਗ੍ਰੇਨ ਨੇ 1,27,575 ਮੀਟਰਿਕ ਟਨ, ਮਾਰਕਫੈਡ ਨੇ 80025 ਮੀਟਰਿਕ ਟਨ, ਪਨਸਪ ਨੇ 48387 ਮੀਟਰਿਕ ਟਨ ਅਤੇ ਪੀ.ਐਸ.ਡਬਲਯੂ.ਸੀ. ਨੇ 38116 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ 5627 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਖੇਤੀ ਅਧੀਨ 29.20 ਲੱਖ ਹੈਕਟੇਅਰ ਰਕਬਾ ਹੋਣ ਦੇ ਮੱਦੇਨਜ਼ਰ ਇਸ ਸੀਜ਼ਨ ਦੌਰਾਨ ਸੂਬੇ ਵੱਲੋਂ 170 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਹੈ। ਮੰਡੀਆਂ ਵਿਚ ਆਪਣੀ ਫ਼ਸਲ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਪਰੇਸ਼ਾਨੀ ਰਹਿਤ ਖ਼ਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਹਿਲਾਂ ਹੀ 1734 ਖ਼ਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ।
ਪਿਛਲੇ ਸਾਉਣੀ ਖ਼ਰੀਦ ਸੀਜ਼ਨ 2018-19 ਦੌਰਾਨ ਕੁੱਲ 170.18 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ ਜਿਸ ‘ਚੋਂ 169.10 ਲੱਖ ਮੀਟਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸੀ ਜਦਕਿ ਨਿੱਜੀ ਮਿੱਲ ਮਾਲਕਾਂ ਵਲੋਂ ਸਿਰਫ਼ 1.08 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2019-20 ਦੌਰਾਨ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ 161.50 ਲੱਖ ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 8.50 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ।