ਪੰਜਾਬ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। ਅੱਜ ਨਵਾਂਸ਼ਹਿਰ ਅਤੇ ਮੁਹਾਲੀ ਵਿੱਚ ਇੱਕ-ਇੱਕ ਵਿਅਕਤੀ ਵਿੱਚ ਇਸ ਖ਼ਤਰਨਾਕ ਵਾਇਰਸ ਦੇ ਲੱਛਣ ਸਾਹਮਣੇ ਆਏ ਹਨ। ਸਿਹਤ ਵਿਭਾਗ ਨੂੰ ਅਜੇ ਵੀ 45 ਵਿਅਕਤੀਆਂ ਦੇ ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਹੈ। ਵਿਭਾਗ ਵੱਲੋਂ 1200 ਤੋਂ ਵੱਧ ਵਿਅਕਤੀਆਂ ਨੂੰ ਘਰਾਂ ਦੇ ਅੰਦਰ ਹੀ ਏਕਾਂਤ ’ਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਸਿਹਤ ਵਿਭਾਗ ਵੱਲੋਂ ਵੀ ਇਨ੍ਹਾਂ ਵਿਅਕਤੀਆਂ ਦੀ ਨਿਗਰਾਨੀ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਨਵਾਂਸ਼ਹਿਰ ਜ਼ਿਲ੍ਹੇ ’ਚ 7 ਵਿਅਕਤੀਆਂ ਅੰਦਰ ਕਰੋਨਾਵਾਇਰਸ ਦੇ ਮੁੱਢਲੇ ਲੱਛਣ ਹੋਣ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਥੁੱਕ ਅਤੇ ਖੂਨ ਦੇ ਨਮੂਨੇ ਲਏ ਗਏ ਹਨ। ਸੂਤਰਾਂ ਮੁਤਾਬਕ ਇਸ ਜ਼ਿਲ੍ਹੇ ਵਿੱਚੋਂ 6 ਦੇ ਕਰੀਬ ਹੋਰ ਵਿਅਕਤੀਆਂ ’ਚ ਇਸ ਵਾਇਰਸ ਦੇ ਲੱਛਣ ਪਾਏ ਗਏ ਹਨ ਪਰ ਹਾਲ ਦੀ ਘੜੀ ਖੁਲਾਸਾ ਨਹੀਂ ਕੀਤਾ ਗਿਆ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਸਿਰਫ਼ ਪਠਲਾਵਾ ਪਿੰਡ ਦੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਉਨ੍ਹਾਂ ਵਿਅਕਤੀਆਂ ਦੇ ਟੈਸਟ ਕਰਾਏ ਗਏ ਹਨ, ਜਿਨ੍ਹਾਂ ਨੇ ਖੁਦ-ਬ ਖੁਦ ਹੀ ਬਲਦੇਵ ਸਿੰਘ ਦੇ ਸੰਪਰਕ ’ਚ ਆਉਣ ਦਾ ਵਿਭਾਗ ਦੇ ਡਾਕਟਰਾਂ ਕੋਲ ਖੁਲਾਸਾ ਕੀਤਾ ਹੈ। ਨਵਾਂਸ਼ਹਿਰ ਤੋਂ ਬਾਅਦ ਮੁਹਾਲੀ ਵਿੱਚ ਵੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਇਸ ਦੌਰਾਨ ਚੰਡੀਗੜ੍ਹ ਤੇ ਮੁਹਾਲੀ ਵਿੱਚ ਅੱਜ ਇਕ-ਇਕ ਹੋਰ ਕੇਸ ਪਾਜ਼ੇਟਿਵ ਪਾਏ ਜਾਣ ਮਗਰੋਂ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਕ੍ਰਮਵਾਰ ਸੱਤ ਤੇ ਪੰਜ ਹੋ ਗਈ ਹੈ। ਪੰਜਾਬ ਦੇ ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਅੱਜ ਜਨ ਪ੍ਰਤੀਨਿਧਾਂ ਅਤੇ ਨਿੱਜੀ ਹਸਪਤਾਲਾਂ ਤੇ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸੂਤਰਾਂ ਨੇ ਕਿਹਾ ਕਿ ਇਸ ਸਮੀਖਿਆ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਸੂਬੇ ਵਿੱਚ ਜੇਕਰ ਹੰਗਾਮੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਲੋੜੀਂਦੇ ਵੈਂਟੀਲੇਟਰ ਉਪਲੱਬਧ ਨਹੀਂ ਹਨ।
HOME ਪੰਜਾਬ ’ਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 23 ਹੋਈ