ਚੰਡੀਗੜ੍ਹ (ਸਮਾਜਵੀਕਲੀ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ ਜਦਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ। ਮੁੱਖ ਮੰਤਰੀ ਨੇ ਸੂਬੇ ’ਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ ਵਿੱਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਥਾਂ ਆਪਣੇ ਪੱਧਰ ’ਤੇ ਟੈਸਟ ਕਰਨ ਦੀ ਹਦਾਇਤ ਕੀਤੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੀ ਸੂਬਿਆਂ ’ਚ ਫਸੇ ਹੋਏ ਜਿਹੜੇ ਪੰਜਾਬੀਆਂ ਦੇ ਟੈਸਟ ਸਬੰਧਤ ਸੂਬਿਆਂ ਵਿੱਚ ਹੋਏ ਹਨ, ਪੰਜਾਬ ਉਨ੍ਹਾਂ ’ਤੇ ਭਰੋਸਾ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਸਬੰਧੀ ਅਕਾਲੀ ਆਗੂਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ ’ਤੇ ਘਟੀਆ ਸਿਆਸਤ ਬੰਦ ਕਰਨੀ ਚਾਹੀਦੀ ਹੈ।
ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਨੂੰ ਕਹਿ ਦਿੱਤਾ ਹੈ ਕਿ ਕੋਵਿਡ ਟੈਸਟਾਂ ਦੀ ਸਮਰੱਥਾ 20 ਹਜ਼ਾਰ ਪ੍ਰਤੀ ਦਿਨ ਤੱਕ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਨੂੰ ਵੀ ਕਿਹਾ ਕਿ ਉਹ ਜਲੰਧਰ ’ਚ ਵੀ ਟੈਸਟ ਕਰਨ ਦੀ ਵਿਵਸਥਾ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਤੇ ਇਸ ਲਈ ਸਰਕਾਰ 1 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਨ ਨੂੰ ਤਿਆਰ ਹੈ।
ਕੁਝ ਮੰਤਰੀਆਂ ਵੱਲੋਂ ਆਏ ਸੁਝਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਇਸ ਨਾਲ ਸਹਿਮਤ ਹੋਏ ਕਿ ਦੂਜੇ ਸੂਬਿਆਂ ਤੋਂ ਪਰਤਣ ਵਾਲਿਆਂ ਨੂੰ ਸਬੰਧਤ ਪਿੰਡ ਦੇ ਸਰਪੰਚ ਅਤੇ ਪੰਚਾਇਤ ਨਾਲ ਤਾਲਮੇਲ ਕਰਕੇ ਘਰ ਵਿੱਚ ਹੀ ਇਕਾਂਤਵਾਸ ਦੀ ਤਜਵੀਜ਼ ਦੀ ਸਮੀਖਿਆ ਕੀਤੀ ਜਾਵੇ। ਇਸੇ ਦੌਰਾਨ ਪੰਜਾਬ ਵਜ਼ਾਰਤ ਵੱਲੋਂ ਉਨ੍ਹਾਂ ਕੈਦੀਆਂ ਜਿਨ੍ਹਾਂ ਨੂੰ 7 ਸਾਲ ਜਾਂ ਇਸ ਤੋਂ ਘੱਟ ਸਜ਼ਾ ਸੁਣਾਈ ਗਈ ਹੈ, ਲਈ ਮਹਾਮਾਰੀ ਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫ਼ਤਿਆਂ ਤੋਂ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।