ਪੰਜਾਬ ਦਾ 23ਵਾਂ ਜ਼ਿਲ੍ਹਾ ਬਣਿਆ ਮਾਲੇਰਕੋਟਲਾ

  • ਜ਼ਿਲ੍ਹਾ ਪ੍ਰਸ਼ਾਸਕੀ ਦਫ਼ਤਰ ਲਈ ਇਮਾਰਤ ਦੀ ਭਾਲ ਸ਼ੁਰੂ
  • ਜਨਗਣਨਾ ਮਗਰੋਂ ਪਿੰਡਾਂ ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਹੋਵੇਗੀ ਸ਼ੁਰੂ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ ਦੇ ਦਿਹਾੜੇ ਮੌਕੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ ਇਸ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਈਦ-ਉਲ-ਫ਼ਿਤਰ ਮੌਕੇ ਵਰਚੁਅਲ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਧਰਮ ਨਿਰਪੱਖ ਕਿਰਦਾਰ ਦਾ ਪ੍ਰਮਾਣ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਪੱਛਮੀ ਬੰਗਾਲ ਤੇ ਤਾਮਿਲਨਾਡੂ ਵਿੱਚ ਫਿਰਕੂ ਤਾਕਤਾਂ ਨੂੰ ਮਿਲੀ ਹਾਰ ਤੋਂ ਮਿਲ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਸਥਾਨਕ ਲੋਕਾਂ ਦੀ ਚਿਰਕੋਣੀ ਮੰਗ ਸੀ। ਮਾਲੇਰਕੋਟਲਾ ਇਸ ਸਮੇਂ ਸੰਗਰੂਰ ਜ਼ਿਲ੍ਹੇ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਾਲੇਰਕੋਟਲਾ, ਅਹਿਮਦਗੜ੍ਹ ਤਹਿਸੀਲਾਂ ਅਤੇ ਅਮਰਗੜ੍ਹ ਸਬ ਤਹਿਸੀਲ ਨਵੇਂ ਬਣਨ ਵਾਲੇ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਨਿਬੜਨ ਤੋਂ ਬਾਅਦ ਪਿੰਡਾਂ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਮੁੱਖ ਮੰਤਰੀ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਕੀ ਦਫ਼ਤਰ ਦਾ ਕੰਮਕਾਜ ਜਲਦੀ ਸ਼ੁਰੂ ਕਰਨ ਲਈ ਢੁੱਕਵੀਂ ਇਮਾਰਤ ਲੱਭੀ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਜਲਦੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਮੁੰਡੇ ਤੇ ਕੁੜੀਆਂ ਨੂੰ ਡਾਕਟਰੀ ਸਿੱਖਿਆ ਦੇ ਯੋਗ ਬਣਾਉਣ ਲਈ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਂ ਉਤੇ 500 ਕਰੋੜ ਰੁਪਏ ਦੀ ਲਾਗਤ ਵਾਲਾ ਸਰਕਾਰੀ ਮੈਡੀਕਲ ਕਾਲਜ ਜਲਦ ਸਥਾਪਤ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਨੇ ਰਾਏਕੋਟ ਰੋਡ ਉਤੇ 25 ਏਕੜ ਜ਼ਮੀਨ ਪਹਿਲਾਂ ਹੀ ਅਲਾਟ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਮੰਤਵ ਲਈ 50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਮਨਜ਼ੂਰ ਕਰ ਦਿੱਤੀ ਗਈ ਹੈ। ਉਨ੍ਹਾਂ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਲੜਕੀਆਂ ਲਈ ਸਰਕਾਰੀ ਕਾਲਜ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਉਸਾਰਿਆ ਜਾਵੇਗਾ ਅਤੇ ਮਾਲੇਰਕੋਟਲਾ ਨੂੰ ਮਹਿਲਾ ਥਾਣਾ ਵੀ ਮਿਲੇਗਾ ਜਿੱਥੇ ਸਾਰਾ ਕੰਮਕਾਜ ਮਹਿਲਾ ਸਟਾਫ ਵੱਲੋਂ ਹੀ ਕੀਤਾ ਜਾਵੇਗਾ। ਮਾਲੇਰਕੋਟਲਾ ਦੇ ਸਰਬਪੱਖੀ ਸ਼ਹਿਰੀ ਵਿਕਾਸ ਲਈ ਮੁੱਖ ਮੰਤਰੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂਈਆਈਪੀ) ਤਹਿਤ 6 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ।

ਸ਼ਹਿਰ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਅਫ਼ਗਾਨਿਸਤਾਨ ਤੋਂ ਸ਼ੇਖ ਸਦਰੂਦੀਨ-ਏ-ਜਹਾਂ ਵੱਲੋਂ 1454 ਵਿਚ ਇਸ ਦੀ ਸਥਾਪਨਾ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਬਾਜੀਦ ਖਾਨ ਵੱਲੋਂ 1657 ਵਿਚ ਮਾਲੇਰਕੋਟਲਾ ਸਟੇਟ ਦੀ ਸਥਾਪਨਾ ਕੀਤੀ ਗਈ। ਬਾਅਦ ਵਿਚ ਪਟਿਆਲਾ ਐਂਡ ਈਸਟ ਪੰਜਾਬ ਸਟੇਟ’ਸ ਯੂਨੀਅਨ (ਪੈਪਸੂ) ਦੀ ਸਿਰਜਣਾ ਕਰਨ ਲਈ ਮਾਲੇਰਕੋਟਲਾ ਦਾ ਰਲੇਵਾਂ ਨੇੜਲੇ ਰਾਜਸੀ ਸੂਬਿਆਂ ਨਾਲ ਕਰ ਦਿੱਤਾ ਗਿਆ। 1956 ਵਿਚ ਸੂਬਿਆਂ ਦੇ ਪੁਨਰਗਠਨ ਮੌਕੇ ਪੁਰਾਣੇ ਮਾਲੇਰਕੋਟਲਾ ਸਟੇਟ ਦਾ ਖੇਤਰ ਪੰਜਾਬ ਦਾ ਹਿੱਸਾ ਬਣ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਖਾਸ ਕਰਕੇ ਸਿੱਖ ਮਾਲੇਰਕੋਟਲਾ ਦੇ ਸਾਬਕਾ ਨਵਾਬ ਸ਼ੇਰ ਮੁਹੰਮਦ ਖਾਨ ਪ੍ਰਤੀ ਸਤਿਕਾਰ ਭੇਟ ਕਰਦੇ ਹਨ ਜਿਨ੍ਹਾਂ ਨੇ ਸਰਹਿੰਦ ਦੇ ਸ਼ਾਸਕ ਵਜ਼ੀਰ ਖਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਨੂੰ 9 ਸਾਲ ਦੀ ਉਮਰ ਵਿਚ ਅਤੇ ਬਾਬਾ ਫ਼ਤਹਿ ਸਿੰਘ ਨੂੰ 7 ਸਾਲ ਦੀ ਉਮਰ ਵਿਚ ਤਸ਼ੱਦਦ ਢਾਹ ਕੇ ਜਿਊਂਦੇ ਨੀਹਾਂ ਵਿਚ ਚਿਣਾਉਣ ਦੀ ਅਣਮਨੁੱਖੀ ਘਟਨਾ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਅਤੇ ਮਾਲੇਰਕੋਟਲਾ ਦੇ ਵਿਧਾਇਕ ਰਜ਼ੀਆ ਸੁਲਤਾਨਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁਫ਼ਤੀ ਇਰਤਿਕਾ-ਉਲ-ਹਸਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMamata’s agenda for first 100 days
Next articleਕੈਪਟਨ ਵੱਲੋਂ ਲੋਕਾਂ ਨੂੰ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ