ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ। ਹੁਣ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ’ਚ ਇਹ ਵੈਕਸੀਨ ਮੁਫ਼ਤ ’ਚ ਲਗਾਈ ਜਾਵੇਗੀ। ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ਼ 600 ਖੁਰਾਕਾਂ ਲੋਕਾਂ ਨੂੰ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

ਸ੍ਰੀ ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ’ਚ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ  ਪ੍ਰਦਾਨ ਕਰਨ ਲਈ ਵਚਨਬੱਧ ਹੈ, ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਨ ਵੀ ਮੁਫ਼ਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫ਼ਤ ’ਚ ਟੀਕੇ ਲਗਾਏ ਜਾਣਗੇ। ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖ਼ਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾਂ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦੇ ਮਾਮਲੇ ’ਤੇ ਸਰਕਾਰ ਦੀ ਤਿੱਖੀ ਆਲੋਚਨਾ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਿਹਤ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ’ਤੇ ਨਿੱਜੀ ਹਸਪਤਾਲਾਂ ਦੀ ਤਰਫ਼ਦਾਰੀ ਕਰਨ ਦੇ ਦੋਸ਼ ਵੀ ਲਾਏ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਸਰਕਾਰ ਨੇ ਕੋਵੈਕਸੀਨ ਖੁਰਾਕਾਂ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ’ਤੇ ਵੇਚੀਆਂ: ਭਾਜਪਾ
Next articleਚੋਕਸੀ ਨੂੰ ਲੈਣ ਗਈ ਟੀਮ ਖਾਲੀ ਪਰਤੀ