ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਸੰਕਟ ਲਈ ਕੇਂਦਰ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੰਘੇ ਦਿਨ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਰਵੱਈਆ ਅਪਣਾਇਆ ਤੇ ਇਹੀ ਵਜ੍ਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਬਿਜਲੀ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਨੇ ਕੌਮੀ ਗਰਿੱਡ ’ਚੋਂ ਬਿਜਲੀ ਖਰੀਦਣ ਦੇ ਬਦਲ ਬਾਰੇ ਆਖਿਆ ਕਿ ਇਸ ਲਈ ਪੈਸੇ ਕਿੱਥੇ ਹਨ। ਕੈਪਟਨ ਨੇ ਕਿਹਾ ਕਿ ਉਹ ਕਿਸਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਹਰ ਹੀਲਾ ਵਸੀਲਾ ਕਰਨਗੇ। ਮੁੱਖ ਮੰਤਰੀ ਨੇ ਪਰਾਲੀ ਸਾੜਨ ਦੇ ਮੁੱਦੇ ’ਤੇ ਬੋਲੇ ਜਾ ਰਹੇ ਝੂਠ ਲਈ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਵੀ ਘੇਰਿਆ।
ਮੁੱਖ ਮੰਤਰੀ ਨੇ ਅੱਜ ਸ਼ਾਮੀਂ ਫੇਸਬੁੱਕ ’ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਧਰਨਿਆਂ ਕਰਕੇ ਰੇਲ ਮਾਰਗ ਬੰਦ ਹੋਣ ਨਾਲ ਕੋਲੇ ਦੀ ਘਾਟ ਰੜਕਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਵੀ ਫ਼ਰਜ਼ ਬਣਦਾ ਸੀ ਕਿ ਉਹ ਕਿਸਾਨਾਂ ਨਾਲ ਰਾਬਤਾ ਕਾਇਮ ਕਰਦੀ ਜਦੋਂ ਕਿ ਪੰਜਾਬ ਦੇ ਤਿੰਨ ਕੈਬਨਿਟ ਮੰਤਰੀ ਕਿਸਾਨ ਯੂਨੀਅਨਾਂ ਨਾਲ ਤਾਲਮੇਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿੱਚ ਜੀਵੀਕੇ ਦਾ ਇਕ ਯੂਨਿਟ ਬੰਦ ਹੋ ਚੁੱਕਾ ਹੈ ਅਤੇ ਪੰਜਾਬ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਪੰਜਾਬ ਯੂਰੀਆ ਅਤੇ ਕੋਲੇ ਦੀ ਵੱਡੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਗੁਦਾਮਾਂ ਤੋਂ ਅਨਾਜ ਨੂੰ ਫੌਰੀ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਡੀਜ਼ਲ ਦੀ ਵੱਡੀ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸ਼ਕਲਾਂ ਬਾਰੇ ਸਾਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਸਾਨ ਧਿਰਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਅੰਦੋਲਨ ਵਿਚ ਢਿੱਲ ਦੇਣ। ਖੇਤੀ ਕਾਨੂੰਨਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਸਭ ਕੁਝ ਕਰਨਗੇ।
ਸਰਕਾਰ ਇਸ ਬਾਰੇ ਸਿਖਰਲੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ। ਕੈਪਟਨ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵਿਤ ਬਿੱਲ ਦੇ ਖ਼ਾਕੇ ਬਾਰੇ ਅਜੇ ਕੋਈ ਟਿੱਪਣੀ ਨਹੀਂ ਕਰ ਸਕਦੇ ਕਿਉਂਕਿ ਅਜੇ ਇਸ ’ਤੇ ਸੋਚ-ਵਿਚਾਰ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਭਾਰਤ ਸਰਕਾਰ ਨੂੰ ਲਿਖ ਚੁੱਕੀ ਹੈ, ਪਰ ਇਸ ਬਾਰੇ ਅੰਤਿਮ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ। ਮੁੱਖ ਮੰਤਰੀ ਨੇ ਪ੍ਰਦੂਸ਼ਣ ਮਾਮਲੇ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਕਿਹਾ ਕਿ ਉਹ ਕੌਮੀ ਰਾਜਧਾਨੀ ਦੇ ਵਾਤਾਵਰਨ ਨੂੰ ਬਚਾਉਣ ਵਿੱਚ ਹੋਈ ਆਪਣੀ ਨਾਕਾਮੀ ’ਤੇ ਪਰਦਾ ਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਝੂਠ ਬੋਲਣਾ ਬੰਦ ਕਰਨ।
ਪੰਜਾਬ ’ਚ ਓਪੀਡੀ ਸੇਵਾਵਾਂ ਤੇ ਚੋਣਵੇਂ ਆਪਰੇਸ਼ਨ ਮੁੜ ਸ਼ੁਰੂ ਕਰਨ ਦੇ ਆਦੇਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਵਿਡ ਕੇਸਾਂ ਦੀ ਘਟਦੀ ਗਿਣਤੀ ਦੇ ਮੱਦੇਨਜ਼ਰ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਅਤੇ ਚੋਣਵੇਂ ਆਪਰੇਸ਼ਨ (ਸਰਜਰੀਆਂ) ਵਿਆਪਕ ਇਹਤਿਆਤਾਂ ਨਾਲ ਮੁੜ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਅਵੇਸਲੇ ਨਾ ਹੋਣ ਤੇ ਵਧੇਰੇ ਚੌਕਸ ਰਹਿਣ ਲਈ ਕਿਹਾ ਹੈ। ਕੋਵਿਡ ਹਾਲਾਤ ਦੀ ਸਮੀਖਿਆ ਲਈ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਹਾਲਾਤ ਨੂੰ ਕਾਬੂ ’ਚ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।
ਉਨ੍ਹਾਂ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਮਾਰਕੀਟ ਕਮੇਟੀਆਂ ਨਾਲ ਮਿਲ ਕੇ ਮਾਸਕ ਵੰਡਣ, ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਵਿਭਾਗਾਂ ਨੂੰ ਆਖਿਆ ਕਿ ਤਕਨੀਸ਼ੀਅਨਾਂ ਆਦਿ ਦੀਆਂ ਖਾਲੀ ਅਸਾਮੀਆਂ ਫੌਰੀ ਭਰੀਆਂ ਜਾਣ ਤਾਂ ਜੋ ਆਮ ਓਪੀਡੀ ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਸੁਚਾਰੂ ਤਰੀਕੇ ਨਾਲ ਕੀਤੀਆਂ ਜਾ ਸਕਣ। ਡੀਜੀਪੀ ਦਿਨਕਰ ਗੁਪਤਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਪੁਲੀਸ ਤਿਉਹਾਰਾਂ ਦੇ ਮੱਦੇਨਜ਼ਰ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗੀ। ਸਲਾਹਕਾਰੀ ਕਮੇਟੀ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਕਿਹਾ ਕਿ ਪਾਜ਼ੇਟਿਵ ਦਰ ਦਾ ਘਟ ਕੇ 2.60 ਫੀਸਦੀ ਹੋ ਜਾਣਾ ਚੰਗਾ ਸੰਕੇਤ ਹੈ, ਪਰ ਅਗਾਮੀ ਤਿਉਹਾਰਾਂ ਅਤੇ ਸਿਹਤ ਪ੍ਰਣਾਲੀ ਵਿੱਚ ਚੁਣੌਤੀਆਂ ਕਰਕੇ ਪੰਜਾਬ ਛੇਤੀ ਹੀ ਦੂਜੀ ਲਹਿਰ ਦੇਖ ਸਕਦਾ ਹੈ।