ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਬਾਰੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ ਦਾ ਭਾਜਪਾ ਨੇ ਬਾਈਕਾਟ ਕੀਤਾ। ਪਾਰਟੀ ਸੂਤਰਾਂ ਮੁਤਾਬਕ ਕੈਪਟਨ ਨੇ ਕਿਹਾ ਹੈ ਕਿ ਇਸ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣਾ ਦੁਖਦਾਈ ਹੈ।
ਸਰਬ ਪਾਰਟੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨ ਵਾਲੇ 88 ਕਿਸਾਨ ‘ਕਿਸਾਨ ਵਿਰੋਧੀ’ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾ ਬੈਠੇ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਨੇਤਾਵਾਂ ਨੇ 2 ਮਿੰਟ ਦਾ ਮੌਨ ਰੱਖਿਆ ਅਤੇ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, “ਗਲਵਾਨ ਵਿੱਚ ਚੀਨੀ ਫੌਜੀ ਸਾਡੇ ਜਵਾਨਾਂ ਦੇ ਵਿਰੁੱਧ ਬਰਛੀਆਂ ਅਤੇ ਡਾਂਗਾਂ ਨਾਲ ਲੈਸ ਹਨ ਅਤੇ ਦਿੱਲੀ ਪੁਲੀਸ ਸਾਡੇ ਕਿਸਾਨਾਂ ਖ਼ਿਲਾਫ਼ ਸਿੰਘੂ ਬਾਰਡਰ ’ਤੇ ਡੰਡੇ ਲੈ ਕੇ ਰਸਤਿਆਂ ’ਤੇ ਰਾਡਾਂ ਵਿਛਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਜੈ ਜਵਾਨ ਜੈ ਕਿਸਾਨ’ ਕਹਿਣ ਦਾ ਅਧਿਕਾਰ ਗੁਆ ਦਿੱਤਾ ਹੈ।