ਪੰਜਾਬ ਪੁਲੀਸ ਤੇ ਸੁਰੱਖਿਆ ਏਜੰਸੀਆਂ ਵਿਚਾਲੇ ਪੂਰਾ ਤਾਲਮੇਲ: ਡੀਜੀਪੀ

ਲੁਧਿਆਣਾ –ਇੱਥੇ ਪੁਲੀਸ ਲਾਈਨ ’ਚ ਨਵੇਂ ਉਸਾਰੇ ਬਲਾਕ ਦਾ ਉਦਘਾਟਨ ਕਰਨ ਪਹੁੰਚੇ ਸੂਬੇ ਦੇ ਪੁਲੀਸ ਮੁਖੀ ਸੁਰੇਸ਼ ਅਰੋੜਾ ਨੇ ਅੱਜ ਕਿਹਾ ਕਿ ਰਾਜ ਵਿਚ ਅਮਨ-ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਪੁਲੀਸ ਹੋਰਨਾਂ ਸੁਰੱਖਿਆ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ। ਇਸ ਮੌਕੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੀ ਹਾਜ਼ਰ ਸਨ। ਪਠਾਨਕੋਟ ਇਲਾਕੇ ਵਿਚ ਫ਼ੌਜੀ ਵਰਦੀ ’ਚ ਦੇਖੇ ਗਏ ਸ਼ੱਕੀਆਂ ਦੇ ਮਾਮਲੇ ਬਾਰੇ ਡੀਜੀਪੀ ਨੇ ਕਿਹਾ ਕਿ ਸੂਬਾ ਪੁਲੀਸ ਤੇ ਹੋਰ ਸੁਰੱਖਿਆ ਏਜੰਸੀਆਂ ਸਾਂਝੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਏਜੰਸੀਆਂ ਵੱਲੋਂ ਇੱਕ-ਦੂਜੇ ਨਾਲ ਰਾਬਤਾ ਕਾਇਮ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤੇ ਉਹ ਪਠਾਨਕੋਟ ਦੇ ਐੱਸਐੱਸਪੀ ਨਾਲ ਲਗਾਤਾਰ ਸੰਪਰਕ ਵਿਚ ਹਨ। ਸੂਬੇ ਦੇ ਪੁਲੀਸ ਮੁਖੀ ਨੇ ਕਿਹਾ ਕਿ ਜੰਗੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਠਾਨਕੋਟ ਵਿਚੋਂ ਮਿਲੀ ਸ਼ੱਕੀ ਕਾਰ ਸਬੰਧੀ ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਦਾ ਮਾਲਕ ਜੰਮੂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਘੋਖ਼ ਤੋਂ ਸਾਹਮਣੇ ਆਇਆ ਹੈ ਕਿ ਇਸ ਕਾਰ ਨੂੰ ਤਸਕਰੀ ਲਈ ਵਰਤਿਆ ਜਾਂਦਾ ਸੀ। ਡੀਜੀਪੀ ਨੇ ਨਿਰੰਕਾਰੀ ਭਵਨ ਬੰਬ ਧਮਾਕਾ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਬਾਕੀ ਮੁਲਜ਼ਮਾਂ ਦੇ ਹੱਥ ਆਉਣ ਤੱਕ ਅਜਿਹਾ ਕਰਨਾ ਸੰਭਵ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲੀਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਲੁਧਿਆਣਾ ਦੇ ਪੁਲੀਸ ਅਧਿਕਾਰੀਆਂ ਨਾਲ ਵੀ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਨ ਬਾਰੇ ਮੀਟਿੰਗ ਕੀਤੀ।

Previous articleਸੈਂਕੜੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਵੰਗਾਰਿਆ
Next articleਸੀਬੀਆਈ ਵੱਲੋਂ ਲਾਏ ਦੋਸ਼ ਝੂਠੇ ਅਤੇ ਮਨਘੜਤ: ਚਿਦੰਬਰਮ