ਚੰਡੀਗੜ੍ਹ (ਸਮਾਜਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲੀਸ ਦੇ ਵਿਸ਼ੇਸ਼ ‘ਕੋਵਿਡ ਦਸਤੇ’ ਬਣਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਠੱਲ੍ਹਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕੋਵਿਡ ਲਈ ਵਿਸ਼ੇਸ਼ ਦਸਤੇ ਤਿਆਰ ਕਰਨ ਲਈ ਡੀਜੀਪੀ ਨੂੰ ਅੱਜ ਹੁਕਮ ਦਿੱਤੇ ਹਨ। ਕੈਪਟਨ ਨੇ ਅਗਲੇ ਕੁੱਝ ਅਰਸੇ ਲਈ ਗ਼ੈਰ-ਜ਼ਰੂਰੀ ਥਾਵਾਂ ’ਤੇ ਤਾਇਨਾਤ ਪੁਲੀਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਵੀ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ ਦੀ ਸਮੀਖਿਆ ਬਾਰੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਾਸ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਕੋਵਿਡ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐੱਸਐੱਸਪੀਜ਼ ਨੂੰ ਹਦਾਇਤਾਂ ਦੇਣ ਲਈ ਕਿਹਾ ਗਿਆ ਕਿ ਉਹ ਮਹਾਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਸੂਬੇ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤੱਕ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ। ਸੂਬੇ ਵਿੱਚ ਮੌਜੂਦਾ ਸਮੇਂ 12 ਜ਼ਿਲ੍ਹਿਆਂ ਵਿੱਚ 38 ਮਾਈਕਰੋ ਅਤੇ ਛੇ ਜ਼ਿਲ੍ਹਿਆਂ ਵਿੱਚ ਸੱਤ ਕੰਟੇਨਮੈਂਟ ਜ਼ੋਨ ਹਨ। ਮੁੱਖ ਮੰਤਰੀ ਨੇ ਟੈਸਟਿੰਗ ਵਿੱਚ ਵਾਧਾ ਕਰਨ ’ਤੇ ਵੀ ਜ਼ੋਰ ਦਿੱਤਾ।
ਸੂਬੇ ਦੇ ਅੰਕੜੇ ਕੌਮੀ ਔਸਤ ਤੋਂ ਬਿਹਤਰ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਅਵੇਸਲੇ ਨਾ ਹੋਣ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਕਿਹਾ ਕਿ ਤਾਜ਼ਾ-ਤਰੀਨ ਦਿਸ਼ਾ-ਨਿਰਦੇਸ਼ਾਂ ਖ਼ਾਸ ਕਰ ਕੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਇਕੱਠੇ ਹੋਣ ਤੋਂ ਰੋਕਣ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਮੁੱਖ ਮੰਤਰੀ ਨੇ ਤਸੱਲੀ ਜ਼ਾਹਿਰ ਕੀਤੀ ਕਿ ਅੰਮ੍ਰਿਤਸਰ ’ਚ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ, ਸਰਕਾਰੀ ਮੈਡੀਕਲ ਕਾਲਜ, ਕਮਿਊਨਿਟੀ ਮੈਡੀਸਨ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾਂ ਮਾਹਿਰਾਂ ਵੱਲੋਂ ਕੀਤੇ ਕੰਮ ਦੇ ਚੰਗੇ ਸਿੱਟੇ ਮਿਲ ਰਹੇ ਹਨ। ਉਨ੍ਹਾਂ ਇਸ ਕੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਆਫ ਪੁਲੀਸ ਦੀ ਵੀ ਸ਼ਲਾਘਾ ਕੀਤੀ।
ਡੀਜੀਪੀ ਨੇ ਇਸ ਮੌਕੇ ਦੱਸਿਆ ਕਿ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਫੋਰਸ ਵਿਚ ਇਸ ਵੇਲੇ ਕੋਵਿਡ ਦੇ 125 ਸਰਗਰਮ ਕੇਸ ਹਨ ਅਤੇ ਪਰਿਵਾਰਕ ਜੀਆਂ ਵਿੱਚੋਂ 161 ਮੈਂਬਰਾਂ ਦੇ ਟੈਸਟ ਵੀ ਪਾਜ਼ੇਟਿਵ ਪਾਏ ਗਏ ਹਨ।
ਮਾਹਿਰ ਕਮੇਟੀ ਦੇ ਮੁਖੀ ਡਾ. ਕੇ ਕੇ ਤਲਵਾਰ ਨੇ ਦੱਸਿਆ ਕਿ ਅਲਹਿਦਗੀ/ਘਰੇਲੂ ਇਕਾਂਤਵਾਸ ਕੇਸਾਂ ਦੀ ਟੈਲੀ-ਮੌਨੀਟਰਿੰਗ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ) ਵੱਲੋਂ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਬਿੱਡਜ਼ ਸ਼ੁੱਕਰਵਾਰ ਤੱਕ ਸੌਂਪਣੀਆਂ ਹੋਣਗੀਆਂ। ਇਸੇ ਤਰ੍ਹਾਂ ਪੀਐੱਚਐੱਸਸੀ ਵੱਲੋਂ 17 ਏਐੱਲਐੱਸ ਐਂਬੂਲੈਂਸਾਂ ਦੇ ਹੁਕਮ ਦਿੱਤੇ ਗਏ ਅਤੇ ਇਸ ਹਫ਼ਤੇ ਦੇ ਅੰਤ ਤੱਕ 5 ਐਂਬੂਲੈਂਸ ਮਿਲਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਪਾਜ਼ੇਟਿਵ ਕੈਦੀਆਂ ਨੂੰ 17 ਦਿਨਾਂ ਲਈ ਅਲਹਿਦਗੀ ਦੀਆਂ ਸੁਵਿਧਾਵਾਂ ਵਿੱਚ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।