ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਕਾਰਨ ਸੂਬੇ ਵਿੱਚ ਜਾਰੀ ਕਰਫਿਊ ਅਤੇ ਲੌਕਡਾਊਨ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2019-20 ਦੀਆਂ ਅੱਠਵੀਂ ਦੀ ਸਿਰਫ਼ ਪ੍ਰਯੋਗੀ ਪ੍ਰੀਖਿਆ ਅਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਬੋਰਡ ਦੇ ਇਸ ਫ਼ੈਸਲੇ ਨਾਲ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਲੇਟ ਐਲਾਨੇ ਜਾਣਗੇ ਅਤੇ ਵਿਦਿਆਰਥੀਆਂ ਦੀਆਂ ਅਗਲੀਆਂ ਕਲਾਸਾਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।
ਇਸ ਤੋਂ ਪਹਿਲਾਂ ਬੋਰਡ ਮੈਨੇਜਮੈਂਟ ਨੇ 31 ਮਾਰਚ ਤੱਕ ਇਹ ਪ੍ਰੀਖਿਆਵਾਂ ਮੁਲਤਵੀ ਕਰਦਿਆਂ ਪਹਿਲੀ ਅਪਰੈਲ ਤੋਂ ਅੱਠਵੀਂ ਸ਼੍ਰੇਣੀ (ਸਿਰਫ਼ ਪ੍ਰਯੋਗੀ ਪ੍ਰੀਖਿਆ) ਅਤੇ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ 3 ਅਪਰੈਲ ਤੋਂ ਮੁੜ ਲਿਖਤੀ ਪ੍ਰੀਖਿਆਵਾਂ ਲੈਣ ਦਾ ਫੈਸਲਾ ਕੀਤਾ ਸੀ, ਪਰ ਮੌਜੂਦਾ ਹਾਲਾਤ ਕਰਕੇ ਬੋਰਡ ਨੇ ਹੁਣ ਅਣਮਿੱਥੇ ਸਮੇਂ ਲਈ ਉਕਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਪਹਿਲਾਂ ਤੋਂ ਜਾਰੀ ਕੀਤੀਆਂ ਗਈਆਂ ਡੇਟਸ਼ੀਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕਰਫਿਊ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਲੌਕਡਾਊਨ ਦੇ ਖ਼ਤਮ ਹੋਣ ਉਪਰੰਤ ਅੱਠਵੀਂ ਸ਼੍ਰੇਣੀ ਦੇ ਕੇਵਲ ਪ੍ਰਯੋਗੀ ਅਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਨਵੇਂ ਸਿਰਿਓਂ ਡੇਟਸ਼ੀਟ ਅਤੇ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਲੋੜੀਂਦੀ ਸੂਚਨਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਉਪਲੱਬਧ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲਾਂ 31 ਮਾਰਚ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕੀਤੇ ਜਾਣ ਨਾਲ ਅਪਰੈਲ ਦੇ ਪਹਿਲੇ ਤਿੰਨ ਦਿਨਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਜੋ ਜਾਣਕਾਰੀ ਅਧੂਰੀ ਰਹਿ ਗਈ ਸੀ, ਉਹ ਪ੍ਰੀਖਿਆਵਾਂ ਵੀ ਅੱਜ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕੰਟਰੋਲਰ (ਪ੍ਰੀਖਿਆਵਾਂ) ਨੇ ਸਪੱਸ਼ਟ ਕੀਤਾ ਕਿ ਸਾਰੀਆਂ ਹੀ ਬੋਰਡ ਪ੍ਰੀਖਿਆਵਾਂ ਹੁਣ ਅਣਮਿੱਥੇ ਸਮੇਂ ਲਈ ਮੁਲਤਵੀ ਹਨ ਅਤੇ ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ, ਤਾਲਾਬੰਦੀ ਅਤੇ ਕਰਫਿਊ ਦੀਆਂ ਰੋਕਾਂ ਖੁੱਲ੍ਹਣ ਤੋਂ ਬਾਅਦ ਕੀਤਾ ਜਾਵੇਗਾ। ਉਨ੍ਹਾਂ ਪ੍ਰੀਖਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਹੀ ਪੜ੍ਹਾਈ ਨਾਲ ਜੁੜੇ ਰਹਿਣ ਦੀ ਸਲਾਹ ਦਿੱਤੀ ਹੈ।
INDIA ਪੰਜਾਬ ਬੋਰਡ ਵੱਲੋਂ ਪੰਜਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ