ਚੰਡੀਗੜ੍ਹ, ਸਮਾਜ ਵੀਕਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਕੋਵਿਡ ਸਬੰਧੀ ਬੰਦਿਸ਼ਾਂ ਵਿੱਚ 10 ਜੂਨ ਤੱਕ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਗਰਮ ਕੋਵਿਡ ਕੇਸਾਂ ਦੀ ਗਿਣਤੀ ਅਤੇ ਪਾਜ਼ੇਟਿਵਿਟੀ ਦਰ ਵਿੱਚ ਗਿਰਾਵਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਨਿੱਜੀ ਵਾਹਨਾਂ ਵਿੱਚ ਸਵਾਰੀਆਂ ਦੀ ਗਿਣਤੀ ਦੀ ਸੀਮਾ ਹਟਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਬਹਾਲ ਕਰਨ ਦੇ ਨਾਲ-ਨਾਲ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਨੇ 50 ਫੀਸਦੀ ਓਪੀਡੀ ਸੇਵਾਵਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਹੋਈਆਂ ਹਨ, ਜੋ ਹੁਣ 100 ਫੀਸਦੀ ਹੋ ਜਾਣਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਕਿ ਨਿੱਜੀ ਕਾਰਾਂ ਅਤੇ ਦੋਪਹੀਆ ਵਾਹਨਾਂ ’ਤੇ ਸਵਾਰੀਆਂ ਦੀ ਸੀਮਾ ਹਟਾਈ ਜਾ ਰਹੀ ਹੈ ਪਰ ਸਵਾਰੀਆਂ ਢੋਣ ਵਾਲੇ ਕਮਰਸ਼ੀਅਲ ਵਾਹਨਾਂ ਅਤੇ ਟੈਕਸੀਆਂ ਉਤੇ ਸੀਮਾ ਪਹਿਲਾਂ ਵਾਂਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਥਾਨਕ ਹਾਲਤਾਂ ਦੀ ਤਰਜੀਹ ਮੁਤਾਬਕ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਵਿੱਚ ਕਿਸੇ ਵੀ ਤਰ੍ਹਾਂ ਦੀ ਰੱਦੋ-ਬਦਲ ਕਰਨ ਲਈ ਡਿਪਟੀ ਕਮਿਸ਼ਨਰ ਹੀ ਅਧਿਕਾਰਤ ਰਹਿਣਗੇ।
ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕੋਵਿਡ ਸਿਹਤ ਸੰਭਾਲ ਨਾਲ ਸਬੰਧਤ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਦੀ ਮਜ਼ਬੂਤੀ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਮਹਾਮਾਰੀ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਨ੍ਹਾਂ ਵਿਭਾਗਾਂ ਨੂੰ ਬੱਚਿਆਂ ਦੀ ਸਿਹਤ ਸੰਭਾਲ ਦੀਆਂ ਸਹੂਲਤਾਂ ਵਧਾਉਣ ਦੇ ਨਾਲ-ਨਾਲ ਭਾਰਤ ਸਰਕਾਰ ਪਾਸੋਂ ਬੱਚਿਆਂ ਲਈ ਵਰਤੋਂ ਵਿੱਚ ਆਉਂਦੇ 500 ਪੈਡੀਐਟਰਿਕ ਵੈਂਟੀਲੇਟਰਾਂ ਦੀ ਮੰਗ ਕਰਨ ਲਈ ਆਖਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਕੇਅਰ ਫੰਡ ਤਹਿਤ ਹਾਸਲ ਹੋਏ 809 ਵੈਂਟੀਲੇਟਰ ਵੰਡ ਦਿੱਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 136 ਕੰਮ ਨਹੀਂ ਕਰ ਰਹੇ।
ਮੁੱਖ ਮੰਤਰੀ ਨੇ ਆਈਏਐੱਸ/ਪੀਸੀਐੱਸ ਦੇ ਮੌਜੂਦਾ ਅਹੁਦੇ ਦੇ ਕਾਰਜਕਾਲ ਦੇ ਅੱਧ-ਵਿਚਾਲਿਓਂ ਤਬਾਦਲੇ ਕੋਵਿਡ ਸੰਕਟ ਜਾਰੀ ਰਹਿਣ ਤੱਕ ਰੋਕਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਜ਼ਰੂਰੀ ਗੈਰ-ਮੈਡੀਕਲ ਮੰਤਵਾਂ ਲਈ ਹੁਣ ਆਕਸੀਜਨ ਵਰਤਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਆਕਸਜੀਨ ਦੀ ਉਪਲੱਬਧਤਾ ਦੇ ਸੰਦਰਭ ਵਿੱਚ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਤਾਲਮੇਲ ਸਦਕਾ ਬਰਨਾਲਾ ਕੋਵਿਡ ਸੈਂਟਰ ਵਿੱਚ ਨਾਈਟ੍ਰੋਜਨ ਉਤਪਾਦਨ ਪਲਾਂਟ 93 ਫੀਸਦੀ ਸ਼ੁੱਧਤਾ ਨਾਲ ਕਾਰਜਸ਼ੀਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ‘ਕਰੋਨਾ ਮੁਕਤ ਪੇਂਡੂ ਅਭਿਆਨ’ ਤਹਿਤ ਪੇਂਡੂ ਇਲਾਕਿਆਂ ਵਿੱਚ ਟੈਸਟਿੰਗ ਅਤੇ ਸੈਂਪਲਿੰਗ ਹੋਰ ਵਧਾਉਣ ਦੇ ਵੀ ਹੁਕਮ ਦਿੱਤੇ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਪਾਜ਼ੇਟਿਵਿਟੀ ਦਰ 4 ਫੀਸਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly