ਚੰਡੀਗੜ੍ਹ, (ਸਮਾਜ ਵੀਕਲੀ) : ਪੰਜਾਬ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਸੂਬੇ ਵਿੱਚ 2 ਘੰਟਿਆਂ ਲਈ ਸੜਕਾਂ ’ਤੇ ਚੱਕਾ ਜਾਮ ਕੀਤਾ ਗਿਆ। ਚੱਕਾ ਜਾਮ ਦਾ ਸੱਦਾ ਹਰਿਆਣਾ ਦੇ ਸਿਰਸਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਦਿੱਤਾ ਗਿਆ ਸੀ। ਕਿਸਾਨਾਂ ਨੇ ਰੇਲ ਮਾਰਗਾਂ ਅਤੇ ਸੜਕਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ। ਇਸੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਵੱਲੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਦੀ ਮੰਗ ਸਬੰਧੀ ਪੱਤਰ ਲਿਖੇ ਜਾਣ ਦੇ ਮੱਦੇਨਜ਼ਰ ਭਲਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਬੁਲਾ ਲਈ ਹੈ। ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ ਜਾਂ ਸੰਘਰਸ਼ ਨੂੰ ਮੁਲਤਵੀ ਕਰਨ ਸਬੰਧੀ ਵਿਚਾਰ ਕੀਤਾ ਜਾਵੇਗਾ।
ਕਿਸਾਨ ਆਗੂਆਂ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਅੱਜ ਪੰਜਾਬ ਭਰ ’ਚ ਹਰਿਆਣਾ ਵਿੱਚ ਪੁਲੀਸ ਜਬਰ ਖਿਲਾਫ਼ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਪਹਿਲੀ ਅਕਤੂਬਰ ਤੋਂ ਰੇਲ ਮਾਰਗਾਂ, ਟੌਲ ਪਲਾਜ਼ਿਆਂ, ਅੰਬਾਨੀ ਅਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ ਹੋਰਨਾਂ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਦੇ ਮੂਹਰੇ ਧਰਨੇ ਜਾਰੀ ਹਨ ਤੇ ਜ਼ਿਆਦਾਤਰ ਥਾਈਂ ਕਿਸਾਨਾਂ ਵੱਲੋਂ 24 ਘੰਟਿਆਂ ਦੇ ਧਰਨੇ ਦਿੱਤੇ ਜਾ ਰਹੇ ਹਨ। ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਾਂ 24 ਸਤੰਬਰ ਤੋਂ ਲਗਾਤਾਰ ਧਰਨੇ ਜਾਰੀ ਹਨ। ਇਸ ਜਥੇਬੰਦੀ ਨੇ 11 ਅਕਤੂਬਰ ਤੱਕ ਰੇਲ ਮਾਰਗਾਂ ’ਤੇ ਡਟੇ ਰਹਿਣ ਦਾ ਐਲਾਨ ਕੀਤਾ ਹੋਇਆ ਹੈ।
ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤੇ ਜਾਣ ਕਰਕੇ ਜੰਮੂ ਤੇ ਕਸ਼ਮੀਰ ਵਿੱਚ ਪੈਟਰੋਲ ਅਤੇ ਡੀਜ਼ਲ ਸਮੇਤ ਹੋਰਨਾਂ ਜ਼ਰੂਰੀ ਵਸਤਾਂ ਦੀ ਕਮੀ ਆਉਣ ਲੱਗੀ ਹੈ। ਪੰਜਾਬ ਵਿੱਚ ਵੀ ਖਾਦਾਂ ਦੀ ਸਪਲਾਈ ਠੱਪ ਹੋਣ ਕਾਰਨ ਸਹਿਕਾਰੀ ਸਭਾਵਾਂ ’ਚ ਕਿਸਾਨਾਂ ਦੀਆਂ ਕਤਾਰਾਂ ਲੱਗਣ ਲੱਗੀਆਂ ਹਨ ਤੇ ਥਰਮਲਾਂ ਵਿੱਚ ਕੋਇਲਾ ਵੀ ਖਤਮ ਹੋਣ ਕੰਢੇ ਹਨ। ਕੇਂਦਰ ਅਤੇ ਰਾਜ ਸਰਕਾਰਾਂ ਕਸੂਤੀ ਸਥਿਤੀ ਵਿੱਚ ਫਸ ਗਈਆਂ ਹਨ।
ਪੰਜਾਬ ਵਿੱਚ ਭਾਜਪਾ ਆਗੂਆਂ ਦੀ ਸਥਿਤੀ ਵੀ ਬੇਹੱਦ ਮਾੜੀ ਹੋਈ ਪਈ ਹੈ ਤੇ ਹਾਈ ਕਮਾਨ ਦੇ ਦਬਾਅ ਮਗਰੋਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਕਿਸਾਨੀ ਅੰਦੋਲਨ ਦੇ ਹੱਲ ਦਾ ਕੋਈ ਰਾਹ ਨਹੀਂ ਲੱਭ ਰਿਹਾ। ਕਿਸਾਨ ਜਥੇਬੰਦੀਆਂ ਦੀ ਸ਼ਨਿੱਚਰਵਾਰ ਨੂੰ ਹੋਣ ਵਾਲੀ ਮੀਟਿੰਗ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਪਹਿਲੀ ਅਕਤੂਬਰ ਤੋਂ ਚੱਲ ਰਹੇ ਅਣਮਿਥੇ ਸਮੇਂ ਦੇ ਸੰਘਰਸ਼ ਦੌਰਾਨ ਪੰਜਾਬ ਵਿੱਚ ਅੱਜ 9ਵੇਂ ਦਿਨ ਵੀ ਰੇਲ ਮਾਰਗਾਂ, ਟੌਲ ਪਲਾਜ਼ਿਆਂ ਅਤੇ ਕਾਰੋਬਾਰੀ ਟਿਕਾਣਿਆਂ ਸਮੇਤ 100 ਤੋਂ ਵੱਧ ਥਾਵਾਂ ’ਤੇ ਧਰਨੇ ਜਾਰੀ ਹਨ। ਉਂਜ ਪੰਜਾਬ ਅਤੇ ਜੰਮੂ ਕਸ਼ਮੀਰ ਦਾ ਪੂਰੇ ਮੁਲਕ ਨਾਲੋਂ ਰੇਲ ਸੰਪਰਕ ਟੁੱਟਿਆਂ ਅੱਜ 16ਵਾਂ ਦਿਨ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ-ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ। ਇਹ ਕਾਲੇ ਕਾਨੂੰਨ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ। ਬੁਲਾਰਿਆਂ ਨੇ ਕਿਹਾ ਕਿ ਕਰੋਨਾ ਦੀ ਆੜ ਹੇਠ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਵਿਰੋਧੀ ਫੈਸਲੇ ਲੈ ਕੇ ਅਮੀਰ ਘਰਾਣਿਆਂ ਅਤੇ ਵਪਾਰੀਆਂ ਦੀ ਪਿੱਠ ਪੂਰੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੂੰ ਜਿਣਸਾਂ ਦਾ ਘੱਟੋ ਘੱਟ ਸਮਰਥਨ ਮੁੱਲ ਨਹੀਂ ਮਿਲਦਾ ਤਾਂ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਬਿਲਕੁਲ ਤਬਾਹ ਹੋ ਜਾਵੇਗੀ।