ਨਾਗਰਿਕਤਾ ਐਕਟ ਖ਼ਿਲਾਫ਼ ਸੜਕਾਂ ’ਤੇ ਉਤਰੀ ਕੈਪਟਨ ਸਰਕਾਰ
ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਜ ਲੁਧਿਆਣਾ ਦੀਆਂ ਸੜਕਾਂ ’ਤੇ ਨਾਗਰਿਕਤਾ ਸੋਧ ਐਕਟ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮਾਤਾ ਰਾਣੀ ਚੌਕ ਵਿੱਚ ਭਾਜਪਾ ਦਫ਼ਤਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਭਾਜਪਾ ਦੀਆਂ ਵੰਡ-ਪਾਊ ਕੋਸ਼ਿਸ਼ਾਂ ਖ਼ਿਲਾਫ਼ ਭਾਰਤ ਵਾਸੀਆਂ ਨੂੰ ਇਕਜੁਟ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਐਕਟ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਾਂਗਰਸ ਪਾਰਟੀ ਇਸ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ। ਇਸ ਰੋਸ ਮੁਜ਼ਾਹਰੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਮੇਤ 16 ਸੂਬਿਆਂ ਵਿੱਚ ਇਸ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਣੀਆਂ ਕੋਝੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋ ਸਕਦੀ। ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਭਾਰਤ ਦੀ ਨੀਂਹ ਦਾ ਮੂਲ ਆਧਾਰ ਹੈ, ਜਿਸ ਨਾਲ ਕੋਈ ਵੀ ਛੇੜਛਾੜ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ ’ਤੇ ਸੰਵਿਧਾਨ ਦੀਆਂ ਧਾਰਾਵਾਂ ਵਿੱਚ ਸੋਧ ਸਿਰਫ਼ ਭਾਰਤ ਵਿੱਚ ਹੀ ਨਹੀਂ ਕੀਤੀ ਜਾਂਦੀ ਸਗੋਂ ਅਜਿਹਾ ਵਰਤਾਰਾ ਦੁਨੀਆਂ ਭਰ ਵਿੱਚ ਵਾਪਰਦਾ ਹੈ ਪਰ ਸੰਵਿਧਾਨ ਦੇ ਬੁਨਿਆਦੀ ਢਾਂਚੇ ਨੂੰ ਵਿਗਾੜਨਾ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸੰਯੁਕਤ ਰਾਸ਼ਟਰ ਨੇ ਵੀ ਸੀਏਏ ਨੂੰ ਪੱਖਪਾਤੀ ਕਦਮ ਕਰਾਰ ਦਿੱਤਾ ਹੈ।
ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਦੁਰਵਿਹਾਰ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉੱਥੋਂ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਇਜਾਜ਼ਤ ਤੋਂ ਬਿਨਾਂ ਪੁਲੀਸ ਅਜਿਹੀ ਕਾਰਵਾਈ ਨਹੀਂ ਕਰ ਸਕਦੀ। ਉਨ੍ਹਾਂ ਯੋਗੀ ਆਦਿਤਿਆਨਾਥ ਨੂੰ ਸਵਾਲ ਕੀਤਾ, ‘‘ਤੁਹਾਨੂੰ ਅਜਿਹੀ ਕਾਰਵਾਈ ਕਰਦਿਆਂ ਸ਼ਰਮ ਨਹੀਂ ਆਈ?’’ ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਇਸ ਘਟਨਾ ਨੂੰ ਕਦੇ ਨਹੀਂ ਭੁੱਲੇਗੀ ਤੇ ਇਕ ਦਿਨ ਲੋਕਾਂ ਦਾ ਸਮਾਂ ਜ਼ਰੂਰ ਆਵੇਗਾ।
ਐੱਮ.ਆਈ.ਟੀ. ਦੇ ਵਿਦਿਆਰਥੀਆਂ ਵੱਲੋਂ ਸੀਏਏ ਵਿਰੁੱਧ ਮਤਾ ਪਾਸ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਦੇ ਦੂਰਗਾਮੀ ਸਿੱਟਿਆਂ ਬਾਰੇ ਪੂਰਾ ਵਿਸ਼ਵ ਚਿੰਤਾ ਵਿੱਚ ਡੁੱਬਿਆ ਹੋਇਆ ਹੈ ਜਦਕਿ ਦਿੱਲੀ ਵਿੱਚ ਬੈਠੀ ਸੱਤਾ ਧਿਰ ਨੇ ਅੜੀਅਲ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਅਤੇ ਉਹ ਮੁਲਕ ਦੀ ਆਵਾਜ਼ ਸੁਣਨ ਤੋਂ ਵੀ ਇਨਕਾਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਓ.ਪੀ. ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੰਦਰ ਸ਼ਾਮ ਅਰੋੜਾ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਰਿੰਦਰ ਡਾਵਰ, ਪ੍ਰਗਟ ਸਿੰਘ, ਕੁਲਬੀਰ ਸਿੰਘ ਜ਼ੀਰਾ, ਲਖਬੀਰ ਸਿੰਘ ਲੱਖਾ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਗੁਰਪ੍ਰੀਤ ਸਿੰਘ ਜੀ.ਪੀ., ਹਰਦੇਵ ਸਿੰਘ ਲਾਡੀ, ਚੇਅਰਮੈਨ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਡਾ. ਰਾਜ ਕੁਮਾਰ ਵੇਰਕਾ, ਅਮਰਜੀਤ ਸਿੰਘ ਟਿੱਕਾ,ਪਵਨ ਦੀਵਾਨ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਅਤੇ ਗੁਰਸਿਮਰਨ ਸਿੰਘ ਮੰਡ ਆਦਿ ਮੌਜੂਦ ਸਨ।