ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਰਾਜਪਾਲ ਤੇ ਸੂਬਾ ਸਰਕਾਰ ਆਹਮੋ-ਸਾਹਮਣੇ ਖੜ੍ਹ ਗਏ ਹਨ। ਪੰਜਾਬ ਸਰਕਾਰ ਨੇ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ 27 ਸਤੰਬਰ ਨੂੰ ਸੱਦ ਲਿਆ ਹੈ। ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਬਿਜਲੀ ਅਤੇ ਪਰਾਲੀ ਵਰਗੇ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਸੂਬੇ ਦੇ ਰਾਜਪਾਲ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ।
ਰਾਜਪਾਲ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਦਿੱਤੀ ਪ੍ਰਵਾਨਗੀ ਰੱਦ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਵਿਧਾਇਕਾਂ ਨਾਲ ਗੈਰਰਸਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ ਹੈ। ਅਜਿਹਾ ਕਰਕੇ ਸੂਬੇ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਚੇਤੇ ਰਹੇ ਕਿ ਪੰਜਾਬ ਸਰਕਾਰ ਨੇ 20 ਸਤੰਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿੱਚ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਕੀਤਾ ਸੀ। ਇਜਲਾਸ ਦੌਰਾਨ ਭਾਜਪਾ ਦੇ ‘ਅਪਰੇਸ਼ਨ ਲੋਟਸ’ ਦੇ ਹਵਾਲੇ ਨਾਲ ਲੋਕਾਂ ਦਾ ਭਰੋਸਾ ਜਿੱਤਣ ਲਈ ‘ਭਰੋਸਗੀ ਮਤਾ’ ਲਿਆਂਦਾ ਜਾਣਾ ਸੀ। ਪੰਜਾਬ ਸਰਕਾਰ ਨੇ ਇਜਲਾਸ ਸੱਦਣ ਦੀ ਮਨਜ਼ੂਰੀ ਲਈ ਰਾਜਪਾਲ ਨੂੰ ਸਿਫਾਰਿਸ਼ ਕੀਤੀ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਹਿਲਾਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਬਾਅਦ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਪਾ, ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਪੱਤਰ ’ਤੇ ਗੌਰ ਕਰਨ ਮਗਰੋਂ ਪ੍ਰਵਾਨਗੀ ਰੱਦ ਕਰ ਦਿੱਤੀ। ਰਾਜਪਾਲ ਦੇ ਇਸ ਫ਼ੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੇ ਵਿਧਾਇਕਾਂ ਵੱਲੋਂ ਵਿਰੋਧ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly