ਅੰਮ੍ਰਿਤਸਰ (ਸਮਾਜ ਵੀਕਲੀ): ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸਮੂਹ ਤਖ਼ਤਾਂ ਦੇ ਜਥੇਦਾਰਾਂ ਨੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਇਸ ਮਾਮਲੇ ਵਿਚ ਸਰਕਾਰ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ। ਇਸ ਦੌਰਾਨ ਉਨ੍ਹਾਂ ਸਮੁੱਚੇ ਭਾਰਤ ਅਤੇ ਖਾਸ ਕਰਕੇ ਯੂਪੀ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ।
ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿੱਚ ਪੰਜ ਸਿੰਘ ਸਾਹਿਬਾਨਾਂ ਦੀ ਕੀਤੀ ਇਕੱਤਰਤਾ ਵਿੱਚ ਜਥੇਦਾਰ ਹਰਪ੍ਰੀਤ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਜਦਕਿ ਨਾਂਦੇੜ ਤੋਂ ਤਖ਼ਤ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਇਸ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਹੋਏ ਬੇਰਹਿਮ ਕਤਲਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ, ਪਰ ਸਰਕਾਰ ਇਸ ਤੋਂ ਭੱਜ ਰਹੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਦੋ-ਜਹਿਦ ਕਰਨ ਲਈ ਕਿਹਾ।
ਸਿੱਖ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਸਰਕਾਰੀ ਦਖਲ-ਅੰਦਾਜ਼ੀ ਦਾ ਵਿਰੋਧ ਕਰਨ ਦਾ ਹੁਕਮ
ਇਸ ਮੌਕੇ ਸਮੂਹ ਸਿੱਖ ਸੰਸਥਾਵਾਂ, ਜਥੇਬੰਦੀਆਂ, ਸੰਪਰਦਾਵਾਂ, ਸਿੰਘ ਸਭਾਵਾਂ ਨੂੰ ਆਦੇਸ਼ ਦਿੱਤਾ ਕਿ ਉਹ ਗੁਰਧਾਮਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ-ਅੰਦਾਜ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਤੋਂ ਬਾਅਦ ਕਮੇਟੀ ਦੇ ਗਠਨ ਤੇ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਮਾਮਲੇ ਵਿੱਚ ਸਿੱਧੀ ਸਰਕਾਰੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਹੋ ਚੁੱਕੀਆਂ ਹਨ, ਪਰ ਜਿੱਤੇ ਹੋਏ ਮੈਂਬਰਾਂ ਨੂੰ ਅਗਲੇਰੀ ਕਾਰਵਾਈ ਤੋਂ ਰੋਕਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪਟਨਾ ਸਾਹਿਬ ਵਿੱਚ ਪਿਛਲੇ ਜਥੇਦਾਰ ਦੇ ਪ੍ਰਵਾਨ ਕੀਤੇ ਅਸਤੀਫੇ ਦੇ ਫੈ਼ਸਲੇ ਨੂੰ ਰੱਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਤਰ੍ਹਾਂ ਕਈ ਸਿੱਖ ਆਗੂ ਆਪਣੀ ਰਾਜਸੀ ਲਾਲਸਾ ਦੀ ਪੂਰਤੀ ਲਈ ਗੁਰਧਾਮਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ-ਅੰਦਾਜ਼ੀ ਨੂੰ ਸ਼ਹਿ ਦੇ ਰਹੇ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਚੁਣੇ ਗਏ ਸਾਰੇ ਮੈਂਬਰਾਂ ਦਾ ਗੁਰਮੁਖੀ ਗਿਆਨ ਸਬੰਧੀ ਮੀਡੀਆ ਦੇ ਸਾਹਮਣੇ ਟੈਸਟ ਹੋਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly