ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ਾਂ ਤਹਿਤ 23 ਖ਼ਿਲਾਫ਼ ਕੇਸ

ਫ਼ਰੀਦਕੋਟ (ਸਮਾਜਵੀਕਲੀ) :  ਇੱਥੋਂ ਦੀ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਕਥਿਤ ਤੌਰ ‘ਤੇ ਫਰਜ਼ੀ ਵਸੀਅਤ ਬਣਾਉਣ ਦੇ ਦੋਸ਼ਾਂ ਤਹਿਤ ਸਿਟੀ ਪੁਲੀਸ ਫ਼ਰੀਦਕੋਟ ਨੇ ਰਾਜ ਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ਦੇ ਅਾਧਾਰ ‘ਤੇ 23 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮੁਲਜ਼ਮਾਂ ਵਿੱਚ ਰਾਜਾ ਹਰਿੰਦਰ ਸਿੰਘ ਬਰਾੜ ਦੇ ਜਵਾਈ ਅਤੇ ਵਰਧਮਾਨ (ਕਲਕੱਤਾ) ਦੇ ਰਾਜੇ ਜੈ ਚੰਦ ਮਹਿਤਾਬ ਅਤੇ ਉਸ ਦੀ ਪੁੱਤਰੀ ਨਿਸ਼ਾ ਡੀਖੇਰ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵਿੱਚ ਸਾਬਕਾ ਆਈਜੀ ਅਤੇ ਮਹਿਰਾਵਲ ਖੇਵਾ ਜੀ ਟਰੱਸਟ ਦੇ ਸੀਈਓ ਜਗੀਰ ਸਿੰਘ ਸਰਾ, ਸਾਬਕਾ ਜੱਜ ਜਤਿੰਦਰ ਸਿੰਘ ਵਹਿਣੀਵਾਲ, ਪਰਮਜੀਤ ਸਿੰਘ, ਜਤਿੰਦਰਪਾਲ ਸਿੰਘ ਵਹਿਣੀਵਾਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ।

ਮਹਾਰਾਜਾ ਹਰਿੰਦਰ ਸਿੰਘ ਬਰਾੜ ਨੇ 1 ਜੂਨ 1982 ਨੂੰ 9 ਸਫ਼ਿਆਂ ਦੀ ਵਸੀਅਤ ਤਿਆਰ ਕੀਤੀ ਸੀ ਜਿਸ ਵਿੱਚ ਉਸ ਨੇ ਆਪਣੀ ਰਿਆਸਤ ਦੀ ਕੁੱਲ ਜਾਇਦਾਦ ਦੀ ਸਾਂਭ ਸੰਭਾਲ ਲਈ ਮਹਿਰਾਵਲ ਖੇਵਾ ਜੀ ਟਰੱਸਟ ਦੀ ਸਥਾਪਨਾ ਕੀਤੀ ਸੀ ਅਤੇ ਆਪਣੀ ਧੀ ਰਾਜ ਕੁਮਾਰੀ ਅੰਮ੍ਰਿਤ ਕੌਰ ਨੂੰ ਸ਼ਾਹੀ ਜਾਇਦਾਦ ਵਿੱਚੋਂ ਕੋਈ ਹਿੱਸਾ ਨਹੀਂ ਦਿੱਤਾ ਸੀ।

ਰਾਜ ਕੁਮਾਰੀ ਅੰਮ੍ਰਿਤ ਕੌਰ ਨੇ ਵਸੀਅਤ ਨੂੰ ਅਦਾਲਤ ਵਿੱਚ ਚੁਣੌਤੀ  ਦਿੱਤੀ ਸੀ।  ਵਸੀਅਤ 1 ਜੂਨ 2020 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਗੈਰਕਾਨੂੰਨੀ ਐਲਾਨ ਦਿੱਤੀ ਗਈ। ਰਾਜ ਕੁਮਾਰੀ ਅੰਮ੍ਰਿਤ ਕੌਰ ਨੇ ਇਨ੍ਹਾਂ ਫ਼ੈਸਲਿਆਂ ਦੇ ਅਧਾਰ ’ਤੇ ਫਰਜ਼ੀ ਵਸੀਅਤ ਤਿਆਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਰਾਜ ਕੁਮਾਰੀ ਦੀ ਸ਼ਿਕਾਇਤ ਦੇ ਅਧਾਰ ‘ਤੇ ਪਰਚਾ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

Previous articleਅਮਰਿੰਦਰ ਵੱਲੋਂ ਸੁਖਬੀਰ ਨੂੰ ਕੇਂਦਰ ਨਾਲੋਂ ਗੱਠਜੋੜ ਤੋੜਨ ਦੀ ਚੁਣੌਤੀ
Next articleਕੇਂਦਰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲਵੇ: ਸੁਖਬੀਰ