ਬਰਗਾੜੀ ਬੇਅਦਬੀ ਮਾਮਲਾ: ਨਵਜੋਤ ਸਿੱਧੂ ਨੇ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧਿਆ

ਮੋਗਾ (ਸਮਾਜ ਵੀਕਲੀ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸੁਸਤ ਜਾਂਚ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਵੀ ਜਨਤਕ ਕਰਨ ਦੀ ਮੰਗ ਕੀਤੀ ਹੈ। ਨਵਜੋਤ ਸਿੰਘ ਅੱਜ ਚੁੱਪ ਚੁਪੀਤੇ ਬਰਗਾੜੀ ਦੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਪੁੱਜੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਰਗਾੜੀ ਬੇਅਦਬੀ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ਵਿਚ ਜਨਤਕ ਕੀਤਾ ਗਿਆ ਉਸੇ ਤਰ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਸਾਖੀ ਮੌਕੇ ਨਤਮਸਤਕ ਹੁੰਦਿਆਂ ਕਿਹਾ ਕਿ ਲੋਕ ਬੇਅਦਬੀ ਮਾਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਚਾਹੁੰਦੇ ਹਨ ਤੇ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਨਵਜੋਤ ਸਿੱਧੂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਉਸ ਗੁਰਦੁਆਰੇ ਵਿਚ ਮੱਥਾ ਟੇਕਿਆ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਇਆ ਸੀ।

ਇਸ ਗੁਪਤ ਫੇਰੀ ਕਾਰਨ ਪੁਲੀਸ ਨੂੰ ਵੀ ਭਾਜੜਾਂ ਪੈ ਗਈਆਂ। ਉਹ ਪਿੰਡ ਦੇ ਲੋਕਾਂ ਨੂੰ ਮਿਲੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਕੋਟਕਪੂਰਾ ਤੇ ਬਹਿਬਲ ਕਾਂਡ ਵਿੱਚ ਜੱਲ੍ਹਿਆਂਵਾਲੇ ਬਾਗ਼ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਅਤੇ ਇਸ ਗੋਲੀ ਕਾਂਡ ਦਾ ਹੁਕਮ ਦੇਣ ਵਾਲੇ ਉਸ ਵੇਲੇ ਦੇ ਸਿਆਸੀ ਆਗੂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇ ਅਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਹੋ ਰਹੀ ਦੇਰੀ ਲਈ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਰੱਦ ਕਰਨ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਬੱਤੀਆਂ ਵਾਲੇ ਚੌਕ ਵਿਚ ਰੋਸ ਧਰਨਾ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

Previous articleAmplus acquires rooftop solar projects from Sterling and Wilson
Next articleCovid Effect: Airlines demand assistance package, capacity reduction