ਅੰਮ੍ਰਿਤਸਰ (ਸਮਾਜ ਵੀਕਲੀ): ਬੇਅਦਬੀ ਮਾਮਲੇ ਵਿਚ ਨਿਆਂ ਪ੍ਰਾਪਤੀ ਲਈ ਬਰਗਾੜੀ ਵਿਚ ਲਾਏ ਮੋਰਚੇ ਦੀਆਂ ਮੰਗਾਂ ਨੂੰ ਕਾਂਗਰਸ ਸਰਕਾਰ ਵੱਲੋਂ ਵਿਸਾਰ ਦਿੱਤੇ ਜਾਣ ਦੇ ਮਾਮਲੇ ਵਿਚ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਣੇ ਦੋ ਵਿਧਾਇਕਾਂ ਨੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੱਤਰ ਦੇ ਰੂਪ ਵਿਚ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।
ਭਾਈ ਮੰਡ ਨੇ ਦੋਸ਼ ਲਾਇਆ ਸੀ ਕਿ ਕਾਂਗਰਸ ਸਰਕਾਰ ਇਸ ਮਾਮਲੇ ਵਿਚ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਸੰਗਤ ਦੀ ਹਾਜ਼ਰੀ ਵਿੱਚ ਮੋਰਚੇ ਦੀਆਂ ਮੰਗਾਂ ਮੰਨਣ ਦਾ ਵਾਅਦਾ ਕਰ ਕੇ ਭੱਜ ਗਈ ਹੈ। ਇਸ ਸਬੰਧ ਵਿਚ ਉਨ੍ਹਾਂ ਸਰਕਾਰ ਦੇ ਨੁਮਾਇੰਦੇ ਬਣ ਕੇ ਆਏ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਣੇ 3 ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਬੀਰ ਸਿੰਘ ਜ਼ੀਰਾ ਕੋਲੋਂ 23 ਜੁਲਾਈ ਨੂੰ ਸਪੱਸ਼ਟੀਕਰਨ ਮੰਗਿਆ ਸੀ। ਤਿੰਨ ਵਾਰ ਸਪੱਸ਼ਟੀਕਰਨ ਦਾ ਮੌਕਾ ਦੇਣ ’ਤੇ ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ਸੀ ਪੁੱਜਾ।
ਅੱਜ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਸੀ ਪਰ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਦੋ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਕੁਲਬੀਰ ਸਿੰਘ ਜ਼ੀਰਾ ਇੱਥੇ ਪੁੱਜੇ। ਇਨ੍ਹਾਂ ਇਕ ਪੱਤਰ ਦੇ ਰੂਪ ਵਿਚ ਜਥੇਦਾਰ ਨੂੰ ਸਪੱਸ਼ਟੀਕਰਨ ਦਿੱਤਾ ਹੈ।ਇਸ ਸਬੰਧੀ ਭਾਈ ਮੰਡ ਨੇ ਆਖਿਆ ਕਿ ਉਹ ਆਪਣੇ ਸਾਥੀ ਪੰਜ ਪਿਆਰਿਆਂ ਨਾਲ ਪੱਤਰ ਨੂੰ ਖੋਲ੍ਹਣਗੇ ਅਤੇ ਇਸ ’ਤੇ 30 ਅਗਸਤ ਨੂੰ ਇਸ ਬਾਰੇ ਕੋਈ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੋਰਚੇ ਨਾਲ ਵਿਸ਼ਵਾਸਘਾਤ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly