ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਹੁਣ ਤਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਗੁਆਂਢੀ ਸੂਬਿਆਂ ਵਿੱਚ ਬਰਡ ਫਲੂ ਦੇ ਕੁਝ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਨੇ ਅੱਜ ਮੁੱਖ ਸਕੱਤਰ ਦਫ਼ਤਰ ਵਿੱਚ ਦਸ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ’ਚ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸੂਬੇ ਵਿੱਚ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਸਬੰਧੀ ਨਿਰਦੇਸ਼ ਜਾਰੀ ਕੀਤੇ।
ਵਿਨੀ ਮਹਾਜਨ ਨੇ ਕਿਹਾ ਕਿ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਅਤੇ ਸ਼ੱਕੀ ਮਾਮਲਿਆਂ ਦੀ ਲੈਬ ਟੈਸਟਿੰਗ ਲਈ ਲੋੜੀਂਦੀ ਵਿਉਂਤਬੰਦੀ ਅਤੇ ਫੰਡ ਉਪਲੱਬਧ ਹਨ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਐੱਨਆਰਡੀਡੀਐਲ, ਜਲੰਧਰ ਤੋਂ ਕੋਵਿਡ ਟੈਸਟਿੰਗ ਬੰਦ ਕਰ ਕੇ ਸਿਰਫ਼ ਪੰਛੀਆਂ ਦੇ ਨਮੂਨਿਆਂ ਦੀ ਜਾਂਚ ਲਈ ਇਸ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।