ਬਹਿਬਲ ਕਾਂਡ: ਉਮਰਾਨੰਗਲ ਮੁਲਜ਼ਮ ਵਜੋਂ ਨਾਮਜ਼ਦ

ਕੋਟਕਪੂਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਸੂਚਨਾ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੂੰ ਪੜਤਾਲ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਬਹਿਬਲ ਗੋਲੀ ਕਾਂਡ ਵੇਲੇ ਤਾਇਨਾਤ ਚਰਨਜੀਤ ਸਿੰਘ ਸ਼ਰਮਾ ਨੂੰ ਪੂਰੀ ਕਮਾਂਡ ਉਮਰਾਨੰਗਲ ਹੀ ਦੇ ਰਹੇ ਸਨ। ਬਹਿਬਲ ਕਾਂਡ ਤੋਂ ਬਾਅਦ ਪੁਲੀਸ ਅਧਿਕਾਰੀਆਂ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਇਸ ਪ੍ਰੈੱਸ ਕਾਨਫ਼ਰੰਸ ਦੇ ਤੱਥ ਘੋਖਣ ਤੋਂ ਬਾਅਦ ਜਾਂਚ ਟੀਮ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ, ਜਿਨ੍ਹਾਂ ਤੋਂ ਬਹਿਬਲ ਗੋਲੀ ਕਾਂਡ ਵਿੱਚ ਉਮਰਾਨੰਗਲ ਦੀ ਸ਼ਮੂਲੀਅਤ ਜ਼ਾਹਰ ਹੁੰਦੀ ਹੈ। ਪੁਲੀਸ ਦੀ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਮਾਮਲੇ ਵਿੱਚ ਬਾਜਾਖਾਨਾ ਪੁਲੀਸ ਨੇ ਕਤਲ, ਇਰਾਦਾ ਕਤਲ, ਸਾਜਿਸ਼, ਫਰਜ਼ੀ ਗਵਾਹੀ ਇਕੱਠੀ ਕਰਨੀ, ਦੰਗੇ ਭੜਕਾਉਣ ਆਦਿ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਗ੍ਰਿਫ਼ਤਾਰ ਹੋ ਚੁੱਕੇ ਹਨ। ਹੁਣ ਇਸ ਮਾਮਲੇ ਵਿਚ ਉਗਰਾਨੰਗਲ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾ ਰਿਹਾ ਹੈ। ਜਾਂਚ ਟੀਮ ਦੇ ਅਧਿਕਾਰੀ ਆਈ.ਜੀ. ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਹਾਲ ਦੀ ਘੜੀ ਇਸ ਮਾਮਲੇ ‘ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦੇ ਸਕਦੇ।

Previous articleRussia says ready to mediate between India, Pakistan
Next articleIndian pilot to be freed Friday as ‘peace gesture’, says Imran