ਬਾਦਲ ਜੋੜਾ ਢਕਵੰਜ ਨਾ ਕਰੇ: ਕੈਪਟਨ

ਚੰਡੀਗੜ੍ਹ (ਸਮਾਜਵੀਕਲੀ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਦਲ ਪਰਿਵਾਰ ’ਤੇ ਵਰ੍ਹਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਸਿਆਸੀ ਮੁਫਾਦਾਂ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਢਕਵੰਜ ਅਤੇ ਖੇਖਣਾਂ ਵਿੱਚ ਨਹੀਂ ਆਉਣਗੇ।

ਦੱਸਣਯੋਗ ਹੈ ਕਿ ਬਾਦਲ ਜੋੜੇ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਭੇਜੇ ਰਾਸ਼ਨ ਵਿੱਚ ਘਪਲਾ ਹੋਣ ਦੀ ਗੱਲ ਆਖੀ ਹੈ ਅਤੇ ਇਸ ਦੀ ਪੜਤਾਲ ਮੰਗੀ ਹੈ। ਕੈਪਟਨ ਨੇ ਸੁਖਬੀਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਵਿਧਾਇਕ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਿਆ ਹੁੰਦਾ ਹੈ ਅਤੇ ਉਹ ਭਲੀ ਭਾਂਤ ਜਾਣਦਾ ਹੈ ਕਿ ਫ਼ੌਰੀ ਮਦਦ ਸਭ ਤੋਂ ਪਹਿਲਾਂ ਲੋੜ ਕਿਸ ਨੂੰ ਦੇਣੀ ਹੈ ਅਤੇ ਇਹੀ ਯਕੀਨੀ ਬਣਾਉਣ ਲਈ ਵਿਧਾਇਕਾਂ ਨੇ ਰਾਸ਼ਨ ਵੰਡ ’ਚ ਸਹਿਯੋਗ ਕੀਤਾ ਹੈ।

ਕੈਪਟਨ ਨੇ ਆਖਿਆ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪੇਸ਼ ਕੀਤੇ ਤੱਥ ਵੀ ਪੂਰੀ ਤਰ੍ਹਾਂ ਗ਼ਲਤ ਹਨ ਜੋ ਇਹ ਦਰਸਾਉਂਦੇ ਹਨ ਉਹ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਪੰਜਾਬ ਸਰਕਾਰ ਵੱਲੋਂ ਜੂਨ ਤੱਕ ਪ੍ਰਾਪਤ ਕੀਤੇ ਅਨਾਜ ਪਦਾਰਥਾਂ ਦੀ ਮਿਕਦਾਰ ਸੁਖਬੀਰ ਵੱਲੋਂ ਦਿੱਤੇ ਅੰਕੜਿਆਂ ਨਾਲੋਂ ਵੱਧ ਸੀ ਅਤੇ ਇਨ੍ਹਾਂ ਵਿੱਚੋਂ 90 ਫ਼ੀਸਦੀ ਤੋਂ ਵਧੇਰੇ ਹਿੱਸਾ ਵੰਡਿਆ ਜਾ ਚੁੱਕਿਆ ਹੈ।

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਸੂਬੇ ਨੂੰ 212164 ਮੀਟਰਕ ਟਨ ਕਣਕ ਅਲਾਟ ਕੀਤੀ ਗਈ, ਜਿਸ ਵਿੱਚੋਂ 199091 ਮੀਟਰਕ ਟਨ ਕਣਕ ਵੰਡੀ ਜਾ ਚੁੱਕੀ ਹੈ ਜਦੋਂਕਿ 10800 ਮੀਟਰਕ ਟਨ ਅਲਾਟ ਦਾਲ ਵਿਚੋਂ 10305 ਮੀਟਰਕ ਟਨ ਦੀ ਵੰਡ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੀ ਆਤਮ-ਨਿਰਭਰ ਭਾਰਤ ਸਕੀਮ ਤਹਿਤ ਕਣਕ (ਪ੍ਰਤੀ ਵਿਅਕਤੀ) ਅਤੇ ਦਾਲ (ਪ੍ਰਤੀ ਪਰਿਵਾਰ) 14.14 ਲੱਖ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਅਤੇ ਸੂਬੇ ਵੱਲੋਂ ਕਣਕ ਦਾ ਆਟਾ ਤਿਆਰ ਕਰਕੇ, ਇਸ ਨਾਲ ਦਾਲ ਸ਼ਾਮਲ ਕਰਕੇ ਇਸ ਨੂੰ ਪ੍ਰਤੀ ਵਿਅਕਤੀ ਇਕ ਕਿੱਲੋ ਬਣਾਇਆ ਗਿਆ ਅਤੇ ਸੂਬੇ ਵੱਲੋਂ ਆਪਣੀ ਪੱਧਰ ’ਤੇ ਇੱਕ ਕਿੱਲੋ ਖੰਡ ਇਸ ਵਿੱਚ ਪਾਈ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਅੰਕੜੇ ਇਹ ਦਰਸਾਉਣ ਲਈ ਕਾਫ਼ੀ ਹਨ ਕਿ ਖੁਰਾਕੀ ਅਨਾਜ ਦੀ ਵੰਡ ਸਬੰਧੀ ਸੁਖਬੀਰ ਵੱਲੋਂ ਕੀਤੇ ਦਾਅਵੇ ਅਤੇ ਲਗਾਏ ਦੋਸ਼ ਪੂਰੀ ਤਰ੍ਹਾਂ ਗਲਤ ਹਨ।

ਤੇਲ ’ਤੇ ਲੱਗੇ ਵੈਟ ਦੇ ਮਸਲੇ ’ਤੇ ਹਰਸਿਮਰਤ ਬਾਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹਰਸਿਮਰਤ ਤੇਲ ਕੀਮਤਾਂ ਦੇ ਵਧਣ ਨਾਲ ਆਮ ਆਦਮੀ ਦੇ ਪ੍ਰਭਾਵਿਤ ਹੋਣ ਬਾਰੇ ਏਨੀ ਚਿੰਤਾਤੁਰ ਹੈ ਤਾਂ ਉਸ ਨੇ ਡੀਜ਼ਲ ਅਤੇ ਪੈਟਰੋਲ ਕੀਮਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ 22 ਦਿਨ ਹੋਏ ਵਾਧੇ ’ਤੇ ਕਾਬੂ ਪਾਉਣ ਲਈ ਕੇਂਦਰ ’ਤੇ ਦਬਾਅ ਕਿਉਂ ਨਹੀਂ ਪਾਇਆ।

Previous articleਬਦਮਾਸ਼ਾਂ ਨਾਲ ਮੁਕਾਬਲੇ ’ਚ ਡੀਐੱਸਪੀ ਸਣੇ 8 ਪੁਲੀਸ ਕਰਮੀ ਹਲਾਕ
Next articleਬਿਜਲੀ ਸੋਧ ਬਿੱਲ: ਕੇਂਦਰੀ ਊਰਜਾ ਮੰਤਰੀ ਕਰਨਗੇ ਪੰਜਾਬ ਦਾ ਦੌਰਾ