ਬਾਦਲ ਤੇ ਢੀਂਡਸਾ ਨੇ ਕੌਮੀ ਨਾਗਰਿਕ ਪੁਰਸਕਾਰ ਮੋੜੇ

ਚੰਡੀਗੜ੍ਹ (ਸਮਾਜ ਵੀਕਲੀ) : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਨਮਾਨ ਵਾਪਸ ਕਰਦਿਆਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਲਿਆਂਦੇ ਗਏ ਤਿੰਨ ਕਾਨੂੰਨ ਕਿਸਾਨੀ ਨਾਲ ਧੋਖਾ ਹਨ ਜਿਸ ਕਰਕੇ ਇਹ ਸਨਮਾਨ ਵਾਪਸ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਸਨਮਾਨ ਕਿਸਾਨਾਂ ਦਾ ਹੀ ਸਨਮਾਨ ਸੀ ਕਿਉਂਕਿ ਉਹ ਖੁਦ ਸਿਆਸਤਦਾਨ ਤੋਂ ਪਹਿਲਾਂ ਇੱਕ ਕਿਸਾਨ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਖੇਤੀ ਸਬੰਧੀ ਆਰਡੀਨੈਂਸ ਲਿਆਂਦੇ ਸਨ ਤਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਜਦੋਂ ਐਕਟ ਬਣਾਏ ਜਾਣਗੇ ਤਾਂ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਭਰੋਸਿਆਂ ’ਤੇ ਵਿਸ਼ਵਾਸ ਕਰ ਕੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੋਦੀ ਸਰਕਾਰ ਦੀਆਂ ਗੱਲਾਂ ’ਤੇ ਯਕੀਨ ਕਰਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਇਸ ਸਮੇਂ ਕਿਸਾਨ ਸੜਕਾਂ ’ਤੇ ਹਨ, ਪੁਲੀਸ ਦੀਆਂ ਡਾਂਗਾਂ ਖਾ ਰਹੇ ਹਨ, ਹੰਝੂ ਗੈਸ ਦੇ ਗੋਲੇ ਝੱਲ ਰਹੇ ਹਨ ਤੇ ਜਲ ਤੋਪਾਂ ਦਾ ਸਾਹਮਣਾ ਵੀ ਕਰ ਰਹੇ ਹਨ। ਉਨ੍ਹਾਂ ਭਾਜਪਾ ਦੇ ਆਈਟੀ ਸੈੱਲ ਵੱਲੋਂ ਕਿਸਾਨੀ ਅੰਦੋਲਨ ਨੂੰ ਵੱਖਵਾਦੀ ਕਰਾਰ ਦੇਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਰੋਸ ਪ੍ਰਗਟ ਰਹੇ ਕਿਸਾਨਾਂ ਪ੍ਰਤੀ ਵਰਤੇ ਜਾ ਰਹੇ ਫਿਰਕੂ ਫਿਕਰਿਆਂ ਤੋਂ ਬਹੁਤ ਪੀੜਾ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਘਰਸ਼ਾਂ ਦੌਰਾਨ ਉਨ੍ਹਾਂ ਲੰਮਾ ਸਮਾਂ ਜੇਲ੍ਹਾਂ ਕੱਟੀਆਂ ਹਨ ਜੋ ਆਜ਼ਾਦ ਭਾਰਤ ਵਿੱਚ ਕਿਸੇ ਵੀ ਸਿਆਸੀ ਹਸਤੀ ਵੱਲੋਂ ਕੱਟੀਆਂ ਜੇਲ੍ਹਾਂ ਨਾਲੋਂ ਲੰਮੇ ਸਮੇਂ ਵਾਲੀਆਂ ਸਨ।

ਉੱਧਰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਦੇਸ਼ ਦਾ ਅੰਨਦਾਤਾ ਅੰਦਲੋਨ ਕਰ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਸਭ ਤੋਂ ਵੱਡੀ ਸ਼ਮੂਲੀਅਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਹਾਲੇ ਤਕ ਉਨ੍ਹਾਂ ਦੀਆਂ ਵਾਜਬ ਮੰਗਾਂ ਨਹੀ ਮੰਨੀਆਂ ਗਈਆਂ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਇਨ੍ਹਾਂ ਕਾਲੇ ਕਾਨੂੰਨਾਂ ਕਰਕੇ ਸਮੁੱਚਾ ਪੰਜਾਬ ਦੁਖੀ ਹੈ। ਅਜਿਹੇ ਵਿੱਚ ਦੇਸ਼ ਦੀ ਸਰਕਾਰ ਵੱਲੋਂ ਦਿਤੇ ਗਏ ਇਸ ਸਨਮਾਨ ਨੂੰ ਰੱਖਣਾ ਉਨ੍ਹਾਂ ਦੀ ਜ਼ਮੀਰ ਦੇ ਖ਼ਿਲਾਫ ਹੈ। ਸ੍ਰੀ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਫੌਰੀ ਗੱਲਬਾਤ ਕਰਕੇ ਇਹ ਗੰਭੀਰ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਲ 2019 ਵਿਚ ਸੁਖਦੇਵ ਸਿੰਘ ਢੀਂਡਸਾ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਸ ਸਨਮਾਨ ਨਾਲ ਨਵਾਜਿਆ ਗਿਆ ਸੀ।

Previous articleਨਰਿੰਦਰ ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ
Next articleਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਕੁਝ ਵੀ ਮਨਜ਼ੂਰ ਨਹੀਂ: ਬੀਕੇਯੂ ਉਗਰਾਹਾਂ