ਖੰਨਾ (ਸਮਾਜ ਵੀਕਲੀ) : ਆਪਣੇ ਪੁੱਤਰ ਦੀ ਚੌਧਰ ਖ਼ਾਤਰ ਵੱਡੇ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਮਰਿਆਦਾਵਾਂ ਦਾ ਘਾਣ ਕਰ ਦਿੱਤਾ ਹੈ, ਜਿਸ ਕਾਰਨ ਅੱਜ ਹਰ ਪੰਥ ਦਰਦੀ ਦੁਖੀ ਹੈ। ਇਹ ਗੱਲ ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਖੰਨਾ ਇਲਾਕੇ ਦੇ ਅਕਾਲੀ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਹੀ।
ਊਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਗੁਰੂ ਗ੍ਰੰਥ ਸਾਹਿਬ ਦੇ 267 ਗਾਇਬ ਹੋਏ ਸਰੂਪ ਅਤੇ ਸ਼੍ਰੋਮਣੀ ਕਮੇਟੀ ਵਿਚ ਹੋਏ ਘਪਲਿਆਂ ਦਾ ਪਰਦਾਫ਼ਾਸ਼ ਕਰਕੇ ਸਖ਼ਤ ਐਕਸ਼ਨ ਲਿਆ ਜਾਵੇਗਾ। ਊਨ੍ਹਾਂ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਤੋਂ ਦੁਖੀ ਹੋ ਕੇ ਨਵੇਂ ਅਕਾਲੀ ਦਲ ਵਿਚ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਜਿਹੜੇ ਟਕਸਾਲੀ ਆਗੂ ਤੇ ਵਰਕਰ ਬਾਦਲ ਪਰਿਵਾਰ ਤੋਂ ਦੁਖੀ ਹੋ ਕੇ ਘਰਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਘਰ ਘਰ ਜਾ ਕੇ ਮਿਲਿਆ ਜਾਵੇਗਾ। ਇਸ ਮੌਕੇ ਇਲਾਕੇ ਦੇ ਅਕਾਲੀ ਦਲ (ਮਾਨ) ਦੇ ਕਈ ਸੀਨੀਅਰ ਆਗੂ ਜੱਥੇਦਾਰ ਜੱਸਾ ਸਿੰਘ ਗਲਵੱਡੀ ਅਤੇ ਕੁਲਵੰਤ ਸਿੰਘ ਬਾਬਰਪੁਰ ਦੀ ਅਗਵਾਈ ਹੇਠਾਂ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋਏ।
ਭਾਈ ਮੋਹਕਮ ਸਿੰਘ ਵੱਲੋਂ ਅਕਾਲੀ ਦਲ ਡੈਮੋਕਰੈਟਿਕ ’ਚ ਸ਼ਾਮਲ ਹੋਣ ਦਾ ਐਲਾਨ
ਅੰਮ੍ਰਿਤਸਰ (ਸਮਾਜ ਵੀਕਲੀ) : ਯੂਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਦੇ ਧੜੇ ਨੇ ਅਕਾਲੀ ਦਲ ਡੈਮੋਕਰੈਟਿਕ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ 25 ਜੁਲਾਈ ਨੂੰ ਜਲੰਧਰ ਵਿੱਚ ਸਮਾਗਮ ਰੱਖਿਆ ਗਿਆ ਹੈ, ਜਿੱਥੇ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਿਸ਼ੇਸ਼ ਰੂਪ ਵਿੱਚ ਪੁੱਜਣਗੇ। ਇਸ ਦੀ ਪੁਸ਼ਟੀ ਕਰਦਿਆਂ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਕਿਸਾਨ ਵਿੰਗ, ਯੂਥ ਵਿੰਗ ਤੇ ਫੈਡਰੇਸ਼ਨ ਵਿੰਗ ਨਵੇਂ ਬਣੇ ਅਕਾਲੀ ਦਲ ਡੈਮੋਕਰੈਟਿਕ ਵਿਚ ਰਲੇਵਾਂ ਕਰਨਗੇ।