ਬਾਬੇ ਨਾਨਕ ਦੀ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਦੀ ਮੁਹਿੰਮ ਪਹਿਲੀ ਤੋਂ

ਸੰਤ ਸੀਚੇਵਾਲ ਵੱਲੋਂ ਸੰਗਤ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

ਸੁਲਤਾਨਪੁਰ ਲੋਧੀ, ਨਕੋਦਰ ਮਹਿਤਪੁਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਿਲ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ ਬਣਾਉਣ ਦੀ ਵਿਸ਼ੇਸ਼ ਮੁਹਿੰਮ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਪਵਿੱਤਰ ਵੇਈਂ ਤੋਂ ਪਹਿਲੀ ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਮੁਹਿੰਮ ‘ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ’ ਦੇ ਪਵਿੱਤਰ ਮਹਾਂਵਾਕ ਦੇ ਆਸ਼ੈ ਨੂੰ ਮੁੱਖ ਰੱਖਕੇ ਕੀਤੀ ਜਾਵੇਗੀ।ਦੋ ਦਿਨਾਂ ਤੋਂ ਗੁਰਦੁਆਰਾ ਬੇਬੇ ਨਾਨਕੀ ਜੀ ਨੇੜੇ ਲੋਹੀਆ ਰੋਡ ਦੇ ਕਿਨਾਰੇ ਨੀਵੀਆਂ ਥਾਵਾਂ ਨੂੰ ਮਿੱਟੀ ਪਾ ਕੇ ਸਮਤਲ ਕੀਤਾ ਜਾ ਰਿਹਾ ਹੈ।

ਪਵਿੱਤਰ ਸ਼ਹਿਰ ਦੇ 13 ਵਾਰਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਸੁਥਰਾ ਰੱਖਣ ਲਈ ਉਚੇਚੇ ਤੌਰ ‘ਤੇ ਧਿਆਨ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਦੇ ਰੇਲਵੇ ਸ਼ਟੇਸ਼ਨ ਨੂੰ ਪਹਿਲਾਂ ਹੀ ਹਰਿਆ-ਭਰਿਆ ਬਣਾਉਣ ਲਈ ਵੱਡੀ ਪੱਧਰ ‘ਤੇ ਰੁੱਖ ਲਗਾਏ ਗਏ ਹਨ। ਇਸ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆ ਰਹੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਨਗਰੀ ਨੂੰ ਸੰਗਤ ਦੀ ਸ਼ਾਮੂਲੀਅਤ ਨਾਲ ਸਾਫ਼-ਸੁਥਰਾ ਤੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਆਲੇ-ਦੁਆਲੇ ਦੇ ਇਲਾਕੇ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਬਾਬੇ ਨਾਨਕ ਦੀ ਨਗਰੀ ਨੂੰ ਸਾਫ਼-ਸੁਥਰਾ ਰੱਖਣ ਲਈ ਅੱਗੇ ਆਉਣ। ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਮਨਾਇਆ ਗਿਆ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੀ ਸੰਗਤਾਂ ਆਈਆਂ ਸਨ। ਸਾਲ 2021 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਆ ਰਹੀ ਹੈ।

ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬਾਬੇ ਨਾਨਕ ਦੀ ਨਗਰੀ ਵੱਜੋਂ ਜਾਣੇ ਜਾਂਦੇ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ ਰੱਖਣਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। ਪ੍ਰੈਸ ਕਲੱਬ ਦੇ ਸਾਰੇ ਮੈਂਬਰ ਇਸ ਵਿਸ਼ੇਸ਼ ਸਫਾਈ ਮੁਹਿੰਮ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਪਹਿਲਾਂ ਹੀ 21 ਸਾਲਾਂ ਤੋਂ ਪਵਿੱਤਰ ਵੇਈਂ ਦੀ ਕਾਰ ਸੇਵਾ ਕਰਵਾ ਕੇ ਸੁਲਤਾਨਪੁਰ ਲੋਧੀ ਨੂੰ ਮੁੜ ਦੁਨੀਆਂ ਦੇ ਨਕਸ਼ੇ ‘ਤੇ ਲੈ ਆਂਦਾ ਹੈ।

Previous articleSteve Smith ‘keen’ to lead Australia again, if given chance
Next articleਬਾਬਾ ਟਰਪੱਲੂ ਦਾਸ