ਬਿਹਾਰ ਚੋਣਾਂ: ਮੋਦੀ ਨੇ ਨਿਤੀਸ਼ ਦੇ ਸੋਹਲੇ ਗਾਏ

ਨਵੀਂ ਦਿੱਲੀ, (ਸਮਾਜ ਵੀਕਲੀ): ਬਿਹਾਰ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਲਈ ਪ੍ਰਚਾਰ ਦਾ ਬਿਗਲ ਵਜਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿੰਡਾਂ ’ਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅੱਜ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ 75 ਲੱਖ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਛੇ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਸ੍ਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਭਾਸ਼ਣ ਦੀ ਸ਼ੁਰੂਆਤ ਭੋਜਪੁਰੀ ’ਚ ਕੀਤੀ ਤਾਂ ਜੋ ਵੋਟਰਾਂ ਤੱਕ ਆਪਣੀ ਗੱਲ ਪਹੁੰਚਾਈ ਜਾ ਸਕੇ। ਇਸ ਦੌਰਾਨ ਉਨ੍ਹਾਂ 20,050 ਕਰੋੜ ਦੀ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ ਦੇ ਨਾਲ ਨਾਲ ਬਿਹਾਰ ’ਚ ਮੱਛੀ ਅਤੇ ਪਸ਼ੂ ਪਾਲਣ ਨਾਲ ਸਬੰਧਤ ਕਈ ਹੋਰ ਪ੍ਰੋਗਰਾਮਾਂ ਦੀ ਸ਼ੁਰੂਆਤ ਵੀ ਕੀਤੀ।

ਸ੍ਰੀ ਮੋਦੀ ਨੇ ਕੋਵਿਡ-19 ਸੰਕਟ ਦੌਰਾਨ ਬਿਹਾਰ ਦੇ ਕਿਸਾਨਾਂ ਅਤੇ ਪਰਵਾਸੀ ਮਜ਼ਦੂਰਾਂ ਲਈ ਕੇਂਦਰ ਵੱਲੋਂ ਉਠਾਏ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਟਨਾ, ਪੂਰਨੀਆ, ਸੀਤਾਮੜ੍ਹੀ, ਮਧੇਪੁਰਾ, ਕਿਸ਼ਨਗੰਜ ਅਤੇ ਸਮਸਤੀਪੁਰ ’ਚ ਨਾ ਸਿਰਫ਼ ਨਵਾਂ ਬੁਨਿਆਦੀ ਢਾਂਚਾ ਖੜ੍ਹਾ ਹੋਵੇਗਾ ਸਗੋਂ ਕਿਸਾਨਾਂ ਲਈ ਮੰਡੀ ਦੀ ਸਹੂਲਤ ਵੀ ਮਿਲੇਗੀ। ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ’ਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਅੰਬ, ਲੀਚੀ ਅਤੇ ਮਧੂਬਨੀ ਕਲਾ ਵਰਗੇ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਬਿਹਾਰ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ।

Previous articleChild star Aakriti Sharma bags a mythological show
Next articleਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਸਰਹੱਦੀ ਮਸਲੇ ਵਿਚਾਰੇ