ਅੰਮ੍ਰਿਤਸਰ (ਸਮਾਜ ਵੀਕਲੀ) ::ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿਚ ਵੋਟ ਰਾਹੀਂ ਬੀਬੀ ਜਗੀਰ ਕੌਰ ਨੂੰ ਸਿੱਖ ਸੰਸਥਾ ਦੀ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਪਹਿਲਾਂ ਵੀ ਤਿੰਨ ਵਾਰ ਸਿੱਖ ਸੰਸਥਾ ਦੀ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨਾਲ ਸੁਰਜੀਤ ਸਿੰਘ ਭਿੱਟੇਵੱਢ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬਾਅਦ ਦੁਪਹਿਰ ਹੋਏ ਜਨਰਲ ਇਜਲਾਸ ਵਿਚ ਗੁਰਮਤਿ ਰਵਾਇਤਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਨ੍ਹਾਂ ਅਹੁਦੇਦਾਰਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਨਾਮਜ਼ਦ ਕੀਤੇ ਗਏ।
ਇਨ੍ਹਾਂ ਵਿਚ ਬਲਦੇਵ ਸਿੰਘ ਚੂੰਘਾ, ਸੰਤ ਚਰਨਜੀਤ ਸਿੰਘ, ਸਤਵਿੰਦਰ ਸਿੰਘ ਟੌਹੜਾ, ਨਵਤੇਜ ਸਿੰਘ ਕਾਉਣੀ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰਖਾਂ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾ ਤੇ ਬੀਬੀ ਮਲਕੀਤ ਕੌਰ ਕਮਾਲਪੁਰ ਹਾਕਮ ਧਿਰ ਵਲੋਂ ਸ਼ਾਮਲ ਹਨ। ਵਿਰੋਧੀ ਧਿਰ ਦੇ ਦੋ ਮੈਂਬਰ ਮਿੱਠੂ ਸਿੰਘ ਕਾਹਨੇਕੇ ਅਤੇ ਅਮਰੀਕ ਸਿੰਘ ਸ਼ਾਹਪੁਰ ਨੂੰ ਵੀ ਅੰਤ੍ਰਿੰਗ ਕਮੇਟੀ ਮੈਂਬਰ ਚੁਣਿਆ ਗਿਆ ਹੈ। ਜਨਰਲ ਇਜਲਾਸ ਦੌਰਾਨ ਵਿਰੋਧੀ ਧਿਰਾਂ ਵਲੋਂ ਪ੍ਰਧਾਨ ਦੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨੇ ਜਾਣ ਕਾਰਨ ਪ੍ਰਧਾਨ ਦੀ ਚੋਣ ਵੋਟਾਂ ਪਾ ਕੇ ਕੀਤੀ ਗਈ। ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚੋਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਮਜੀਦ ਹਰਜਿੰਦਰ ਸਿੰਘ ਧਾਮੀ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ।
ਇਸ ਦੌਰਾਨ ਵਿਰੋਧੀ ਧਿਰ ਵਲੋਂ ਅਮਰੀਕ ਸਿੰਘ ਸ਼ਾਹਪੁਰ ਨੇ ਪ੍ਰਧਾਨਗੀ ਦੀ ਚੋਣ ਵਾਸਤੇ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ। ਇਜਲਾਸ ਦੀ ਪ੍ਰਧਾਨਗੀ ਕਰ ਰਹੇ ਗੋਬਿੰੰਦ ਸਿੰਘ ਲੌਂਗੋਵਾਲ ਨੇ ਦੋਵਾਂ ਧਿਰਾਂ ਨੂੰ ਪ੍ਰਧਾਨ ਦੀ ਚੋਣ ਸਹਿਮਤੀ ਨਾਲ ਕਰਨ ਲਈ ਆਖਿਆ ਪਰ ਵਿਰੋਧੀ ਧਿਰ ਪ੍ਰਧਾਨ ਦੀ ਚੋਣ ਵੋਟਾਂ ਨਾਲ ਕਰਾਉਣ ’ਤੇ ਅੜ ਗਈ। ਇਸ ’ਤੇ ਪਰਚੀਆਂ ਰਾਹੀਂ ਵੋਟਾਂ ਪਾਈਆਂ ਗਈਆਂ। ਬੀਬੀ ਜਗੀਰ ਕੌਰ ਵਲੋਂ ਗੁਰਚਰਨ ਸਿੰਘ ਗਰੇਵਾਲ ਅਤੇ ਮਿੱਠੂ ਸਿੰਘ ਕਾਹਨੇਕੇ ਵਲੋਂ ਜਸਵੰਤ ਸਿੰਘ ਪੜੈਣ ਚੋਣ ਨਿਗਰਾਨ ਨਿਯੁਕਤ ਕੀਤੇ ਗਏ। ਕੁੱਲ 143 ਮੈਂਬਰਾਂ ਨੇ ਵੋਟਾਂ ਪਾਈਆਂ। ਵੋਟਾਂ ਦੀ ਗਿਣਤੀ ਮਗਰੋਂ ਸ੍ਰੀ ਲੌਂਗੋਵਾਲ ਨੇ ਨਤੀਜੇ ਦਾ ਐਲਾਨ ਕੀਤਾ।
ਬੀਬੀ ਜਗੀਰ ਕੌਰ ਨੂੰ 122 ਵੋਟਾਂ ਮਿਲੀਆਂ ਜਦੋਂਕਿ ਵਿਰੋਧੀ ਧਿਰ ਦੇ ਮਿੱਠੂ ਸਿੰਘ ਨੂੰ 20 ਵੋਟਾਂ ਪ੍ਰਾਪਤ ਹੋਈਆਂ ਅਤੇ ਇਕ ਵੋਟ ਤਕਨੀਕੀ ਗਲਤੀ ਕਾਰਨ ਰੱਦ ਹੋ ਗਈ। ਮਗਰੋਂ ਸਰਬਸੰਮਤੀ ਨਾਲ ਸੁਰਜੀਤ ਸਿੰਘ ਭਿੱਟੇਵੱਢ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਬੀਬੀ ਜਗੀਰ ਕੌਰ ਇਸ ਤੋਂ ਪਹਿਲਾਂ 1999 ਅਤੇ 2004 ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਪ੍ਰਧਾਨ ਦੀ ਚੋਣ ਮਗਰੋਂ ਇਜਲਾਸ ਦੀ ਕਾਰਵਾਈ ਬੀਬੀ ਜਗੀਰ ਕੌਰ ਵਲੋਂ ਚਲਾਈ ਗਈ। ਉਨ੍ਹਾਂ ਦੀ ਪ੍ਰਧਾਨਗੀ ਵਿਚ ਬਾਕੀ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਹੀ ਵੱਖ-ਵੱਖ 11 ਮਤੇ ਪੜ੍ਹੇ ਅਤੇ ਜੈਕਾਰਿਆਂ ਦੀ ਗੂੰਜ ਨਾਲ ਮਤੇ ਪਾਸ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਧੜੇਬੰਦੀ ਨੂੰ ਖ਼ਤਮ ਕਰਕੇ ਗੁਰੂ ਘਰ ਨੂੰ ਸਮਰਪਿਤ ਹੁੰਦਿਆਂ ਸਿੱਖ ਸੰਸਥਾ ਦੇ ਵਿਕਾਸ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਤੀਤ ਦੀਆਂ ਗਲਤੀਆਂ ਸਬੰਧੀ ਵਾਦ-ਵਿਵਾਦ ਦੀ ਥਾਂ ਆਪਸ ਵਿਚ ਮਿਲ ਬੈਠ ਕੇ ਹੱਲ ਕੱਢਿਆ ਜਾਵੇ ਤਾਂ ਜੋ ਸਿੱਖ ਸੰਸਥਾ ਦਾ ਮਾਣ-ਸਨਮਾਨ ਕਾਇਮ ਰਹੇ। ਉਨ੍ਹਾਂ ਅਤੀਤ ਵਿਚ ਹੋਈਆਂ ਭੁੱਲਾਂ ਲਈ ਹਾਊਸ ਕੋਲੋਂ ਖਿਮਾ ਯਾਚਨਾ ਵੀ ਕੀਤੀ। ਇਸ ਮੌਕੇ ਸਿੰਘ ਸਾਹਿਬਾਨ ਵਲੋਂ ਨਵੀਂ ਚੁਣੀ ਪ੍ਰਧਾਨ ਅਤੇ ਟੀਮ ਦੇ ਬਾਕੀ ਮੈਂਬਰਾਂ ਸਮੇਤ ਸਾਬਕਾ ਪ੍ਰਧਾਨ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਨਵੀਂ ਚੁਣੀ ਟੀਮ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।