ਪੰਜਾਬ ’ਚ ਧਾਰਮਿਕ ਗਰੰਥਾਂ ਦੀ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਦਾਗ ਧੋਣ ਲਈ ਅੱਜ ਫ਼ਰੀਦਕੋਟ ਲੋਕ-ਸਭਾ ਰਾਖਵਾਂ ਹਲਕੇ ਤੋਂ ਪਾਰਟੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ਉੱਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਹਿੱਕ ਥਾਪੜ ਕੇ ਸਹੁੰ ਚੁੱਕਦਿਆਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਜਾਂ ਕਰਵਾਉਣ ਵਾਲਿਆਂ ਦਾ ਖਾਨਦਾਨ ਨਾਸ ਹੋ ਜਾਵੇ।
ਇਸ ਮੌਕੇ ਸੁਖਬੀਰ ਬਾਦਲ ਨੇ ਬਿਨਾਂ ਕਿਸੇ ਪਾਰਟੀ ਦਾ ਨਾਂਅ ਲਏ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਢਾਹੁਣ ਅਤੇ ਸਾਲ 1984 ਕਤਲੇਆਮ ਲਈ ਕੌਣ ਜ਼ਿੰਮੇਵਾਰ ਹਨ? ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋ ਸਕਦੀ ਸੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਨਖਿੱਧ ਮੁੱਖ ਮੰਤਰੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਰਾਜੇ ਦਾ ਹੰਕਾਰ ਤੋੜਨ ਲਈ ਫ਼ਿਰੋਜਪੁਰ ਤੋਂ ਚੋਣ ਮੈਦਾਨ ’ਚ ਉਂੱਤਰੇ ਹਨ। ਉਨ੍ਹਾਂ ਲੋਕਾਂ ਨੂੰ ਕਲਾਵੇ ’ਚ ਲੈਂਦਿਆਂ ਕਿਹਾ ਕਿ ਦੱਸੋਂ ਮੁੱਖ ਮੰਤਰੀ ਤੁਹਾਡੇ ਜ਼ਿਲ੍ਹੇ ’ਚ 2 ਸਾਲਾਂ ਦੇ ਕਾਰਜਕਾਲ ’ਚ ਕਦੇ ਆਇਆ ਹੈ, ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦਿਆਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ’ਚ ਵਿਚਰਦੇ ਸਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਉਸਨੇ ਹੱਥ ’ਚ ਗੁਟਕਾ ਫੜਕੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਚੁੱਕੀ ਸਹੁੰ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸਨ ਸਗੋਂ ਅਕਾਲੀ ਹਕੂਮਤ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਹੀ ਬੰਦ ਕਰ ਦਿੱਤੀਆਂ ਗਈਆਂ ਹਨ।
ਇਸ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਸੁਖਬੀਰ ਬਾਦਲ ਨੂੰ ਸੂਬੇ ਦਾ ਅਗਾਮੀ ਮੁੱਖ ਮੰਤਰੀ ਐਲਾਨਦਿਆਂ ਕਿਹਾ ਵਿਧਾਨ ਸਭਾ ਚੋਣਾਂ ਜਿੱਤ ਕੇ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।ਇਸ ਮੌਕੇ ਪਾਰਟੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ, ਜਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਆਦਿ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।
HOME ਬੇਅਦਬੀ ਕਰਨ ਵਾਲਿਆਂ ਦਾ ਕੱਖ ਨਾ ਰਹੇ: ਸੁਖਬੀਰ