ਫ਼ਰੀਦਕੋਟ (ਸਮਾਜ ਵੀਕਲੀ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਡੀਆਈਜੀ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਗੁਰੂ ਗ੍ਰੰਥ ਸਾਹਿਬ ਦੇ ਪੱਤਰਿਆਂ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰਨ ਅਤੇ ਇਸ ਸਬੰਧੀ ਇਤਰਾਜ਼ਯੋਗ ਪੋਸਟਰ ਲਾਉਣ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਕਾਂਡ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।
ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰ ਦਿੱਤੇ ਸਨ ਤੇ ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਅਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ। ਹੁਣ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ। ਗ੍ਰਿਫ੍ਰਤਾਰ ਕੀਤੇ ਗਏ ਮੁਲਜ਼ਮਾਂ ਨੂੰ ਭਲਕੇ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਮਾਮਲੇ ਦੀ ਪੜਤਾਲ ਪਹਿਲਾਂ ਡੀਆਈਜੀ ਰਣਬੀਰ ਸਿੰਘ ਖਟੜਾ ਕਰ ਰਹੇ ਸਨ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ 4 ਜਨਵਰੀ ਨੂੰ ਪੰਜਾਬ ਸਰਕਾਰ ਨੇ ਨਵੀਂ ਜਾਂਚ ਟੀਮ ਗਠਿਤ ਕਰ ਦਿੱਤੀ ਸੀ ਅਤੇ ਐੱਸ.ਪੀ.ਐੱਸ ਪਰਮਾਰ ਨੂੰ ਨਵੀਂ ਜਾਂਚ ਟੀਮ ਦਾ ਮੁਖੀ ਥਾਪਿਆ ਗਿਆ ਸੀ।
ਪੰਜਾਬ ਸਰਕਾਰ ਨੂੰ ਮਿਲੀ ਰਾਹਤ
ਬੇਅਦਬੀ ਕਾਂਡ ਦੇ ਦੋ ਮਾਮਲੇ ਹੱਲ ਹੋਣ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਏ ਫ਼ੈਸਲੇ ਨੇ ਪੰਜਾਬ ਸਰਕਾਰ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly