ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਐਮਪੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਬਠਿੰਡਾ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਬਾਦਲਾਂ ਨੂੰ ਪਿੰਡਾਂ ਵਿਚ ਕਾਲੇ ਝੰਡੇ ਦਿਖਾਏ ਜਾਣ ਅਤੇ ਪਿੰਡਾਂ ਵਿਚ ਵੜਨ ਨਾ ਦਿੱਤਾ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਘਟਨਾ ਪਿੱਛੇ ਬਾਦਲਾਂ ਦਾ ਹੱਥ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਹ ਸਜ਼ਾ ਦੇਣ ਦਾ ਹੁਣ ਢੁੱਕਵਾਂ ਸਮਾਂ ਹੈ। ਬਾਦਲ ਪਰਿਵਾਰ ਅੱਜ ਸਿਆਸੀ ਖੇਤਰ ਵਿਚ ਉੱਖੜ ਚੁੱਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਾਦਲਾਂ ਤੇ ਕਾਂਗਰਸ ਨੂੰ ਹਰਾਉਣ ਲਈ ਨਿਰਪੱਖ ਤੇ ਵਧੀਆ ਉਮੀਦਵਾਰ ਦਾ ਸਮਰਥਨ ਕੀਤਾ ਜਾਵੇ। ਜਥੇਦਾਰ ਬ੍ਰਹਮਪੁਰਾ ਨੇ ਆਖਿਆ ਕਿ ਬਾਦਲ ਪਰਿਵਾਰ ਨੇ ਜਿੰਨਾ ਵੱਡਾ ਪਾਪ ਕੀਤਾ ਹੈ, ਉਸ ਅਨੁਸਾਰ ਇਨ੍ਹਾਂ ਨੂੰ ਕਾਲੀਆਂ ਝੰਡੀਆਂ ਨਹੀਂ, ਝੰਡੇ ਦਿਖਾਏ ਜਾਣ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਬਾਦਲ ਤੇ ਕਾਂਗਰਸ ਦੋਵਾਂ ਖ਼ਿਲਾਫ਼ ਹਨ। ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਤੋਂ ਇਲਾਵਾ ਧਾਰਮਿਕ ਸਥਾਨਾਂ ਨੂੰ ਢਾਹਿਆ ਹੈ ਜਦੋਂਕਿ ਬਾਦਲਾਂ ਨੇ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਸਿੱਖ ਸੰਸਥਾਵਾਂ ਦਾ ਘਾਣ ਕੀਤਾ ਹੈ। ਉਨ੍ਹਾਂ ਆਖਿਆ ਕਿ ਜੇ ਪਾਰਟੀ ਵਰਕਰ ਕਹਿਣਗੇ ਤਾਂ ਉਹ ਹਰਸਿਮਰਤ ਕੌਰ ਬਾਦਲ ਦੇ ਹਲਕੇ ਦੇ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰਨਗੇ ਤੇ ਲੋਕਾਂ ਨੂੰ ਬਾਦਲ ਪਰਿਵਾਰ ਦੇ ਪਾਪਾਂ ਤੋਂ ਜਾਣੂ ਕਰਾਵਾਉਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਦੇ ਬਲਕਿ ਰਵਾਇਤੀ ਧਿਰਾਂ ਨੂੰ ਹਰਾਉਣ ਦਾ ਸੱਦਾ ਦੇ ਰਹੇ ਹਨ। ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਹੁਣ ਬਾਦਲ ਪਰਿਵਾਰ ਵੋਟਰਾਂ ਨੂੰ ਖ਼ਰੀਦਣ ਲਈ ਸ਼ਰ੍ਹੇਆਮ ਲਾਲਚ ਦੇਣ ਲੱਗਾ ਹੈ, ਜੋ ਲੋਕ ਰਾਜ ਦੇ ਅਸੂਲਾਂ ਖ਼ਿਲਾਫ਼ ਹੈ। ਸੁਖਬੀਰ ਬਾਦਲ ਵੱਲੋਂ ਵੋਟਰਾਂ ਨੂੰ ਪੈਸੇ ਦਾ ਲਾਲਚ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੇ ਕਾਗਜ਼ ਰੱਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਕੋਲ ਸੱਤਾ ਦੌਰਾਨ ਇਕੱਠਾ ਕੀਤਾ ਪੈਸਾ ਹੈ ਜਿਸ ਕਰਕੇ ਉਹ ਪੈਸੇ ਦੇ ਜ਼ੋਰ ‘ਤੇ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਲੋਕ ਬਾਦਲਾਂ ਕੋਲ ਵਿਕਣਗੇ ਨਹੀਂ ਬਲਕਿ ਬਾਦਲਾਂ ਨੂੰ ਸਬਕ ਸਿਖਾਉਣਗੇ। ਜਥੇਦਾਰ ਨੇ ਆਖਿਆ ਕਿ ਉਨ੍ਹਾਂ ਨੇ ਸ਼ੇਰ ਸਿੰਘ ਘੁਬਾਇਆ ਦਾ ਕਦੇ ਸਮਰਥਨ ਕਰਨ ਲਈ ਨਹੀਂ ਆਖਿਆ। ਉਨ੍ਹਾਂ ਆਖਿਆ ਕਿ ਬਾਦਲ ਤੇ ਕੈਪਟਨ ਇੱਕੋ ਥਾਲ਼ੀ ਦੇ ਚੱਟੇ ਵੱਟੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਖਡੂਰ ਸਾਹਿਬ ਤੋਂ ਪਾਰਟੀ ਖ਼ਾਲੜਾ ਪਰਿਵਾਰ ਦੀ ਕੁਰਬਾਨੀ ਨੂੰ ਦੇਖਦੇ ਹੋਏ ਬੀਬੀ ਖਾਲੜਾ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਨੂੰ ਬਹੁਤਾ ਸਮਾਂ ਨਾ ਮਿਲਣ ਕਰਕੇ ਪੰਜਾਬ ਦੀ ਸਿਰਫ਼ ਇੱਕ ਸੀਟ ’ਤੇ ਹੀ ਉਮੀਦਵਾਰ ਖੜ੍ਹਾ ਕਰਨ ਦਾ ਮੌਕਾ ਮਿਲ ਸਕਿਆ ਹੈ। ਉਨ੍ਹਾਂ ਆਖਿਆ ਕਿ ਡਾ. ਰਤਨ ਸਿੰਘ ਅਜਨਾਲਾ ਨਾਲ ਕੋਈ ਮਤਭੇਦ ਨਹੀਂ, ਉਹ ਸਿਹਤ ਠੀਕ ਨਾ ਹੋਣ ਕਰਕੇ ਬਠਿੰਡਾ ਨਹੀਂ ਆ ਸਕੇ। ਬ੍ਰਹਮਪੁਰਾ ਨੇ ਅੱਜ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮਨਮੋਹਨ ਸਿੰਘ ਸਠਿਆਲਾ, ਚਰਨਜੀਤ ਸਿੰਘ ਫਾਜ਼ਿਲਕਾ ਆਦਿ ਹਾਜ਼ਰ ਸਨ। ਇਸੇ ਦੌਰਾਨ ਫਾਜ਼ਿਲਕਾ ’ਚ ਅਕਾਲੀ ਦਲ ਟਕਸਾਲੀ ਦੇ ਸੰਸਥਾਪਕ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਸਣੇ ਹੋਰ ਆਗੂਆਂ ਨੇ ਫਾਜ਼ਿਲਕਾ ’ਚ ਵਰਕਰ ਮੀਟਿੰਗ ਕੀਤੀ। ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਟਕਸਾਲੀ ਅਕਾਲੀ ਦਲ ਦਾ ਗਠਨ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੱਤਾ ’ਚੋਂ ਖ਼ਤਮ ਕਰਨ ਲਈ ਹੋਇਆ ਹੈ। ਸ੍ਰੀ ਅਜਨਾਲਾ ਨੇ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਕਾਂਗਰਸ ਨੂੰ ਸਮਰਥਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੌਰਾਨ ਲੰਬੀ ਦੇ ਪਿੰਡ ਮਿਠੜੀ ਬੁੱਧਗਿਰ ਵਿੱਚ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਮੁਖੀ ਬੱਬੀ ਬਾਦਲ ਦੀ ਰਿਹਾਹਿਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਅਕਾਲੀ ਦਲ ਨੂੰ ਇੱਕ ਵੀ ਸੀਟ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਸਿਆਸੀ ਹਿੱਤਾਂ ਲਈ ਮਾਫ਼ੀ ਤੇ ਬੇਅਦਬੀਆਂ ਕਾਰਨ ਅਕਾਲੀ ਦਲ (ਬ) ਹਮੇਸ਼ਾਂ ਲਈ ਹਾਸ਼ੀਏ ’ਤੇ ਚਲਾ ਗਿਆ ਹੈ। ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਤੋਂ ਛੁਡਵਾਉਣ ਲਈ ਪ੍ਰਧਾਨ ਦੀ ਬਜਾਇ ਤੁਰੰਤ ਪ੍ਰਸ਼ਾਸਕ ਲੱਗਣਾ ਚਾਹੀਦਾ ਹੈ।
INDIA ਬੇਅਦਬੀ ਕਾਂਡ: ਬਾਦਲਾਂ ਨੂੰ ਪਿੰਡਾਂ ’ਚ ਨਾ ਵੜਨ ਦੇਣ ਦਾ ਸੱਦਾ